image caption:

ਅਸਤੀਫੇ ਦੇ ਬਾਵਜੂਦ ਫੂਲਕਾ ਦਾ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦਾ ਐਲਾਨ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿੱਚੋਂ ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਹੈ ਕਿ ਉਹ ਅਸਤੀਫਾ ਵਾਪਸ ਨਹੀਂ ਲੈਣਗੇ, ਪਰ 12 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣਗੇ ਕਿਉਂਕਿ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਹਾਲੇ ਪ੍ਰਵਾਨ ਨਹੀਂ ਕੀਤਾ। ਫੂਲਕਾ ਨੇ ਗੱਲਬਾਤ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫਾ ਦੇ ਦਿੱਤਾ ਹੈ, ਇਸ ਲਈ ਵਿਧਾਇਕ ਵਜੋਂ ਅਸਤੀਫਾ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਸ ਮੌਕੇ ਫੂਲਕਾ ਨੇ ਕਿਹਾ ਕਿ ਉਹ ਭਾਜਪਾ ਜਾਂ ਹੋਰ ਕਿਸੇ ਸਿਆਸੀ ਧਿਰ ਪਾਾਰਟੀ ਸ਼ਾਮਲ ਨਹੀਂ ਹੋ ਰਹੇ ਅਤੇ ਉਨ੍ਹਾਂ ਦੀ ਅਗਲੀ ਪਹਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚੋਂ ਬਾਦਲਾਂ ਦਾ ਸਿਆਸੀ ਦਾਬਾ ਖਤਮ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਮੰਤਰੀਆਂ ਨਵਜੋਤ ਸਿੰਘ ਸਿੱਧੂ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਕੋਲੋਂ ਬਰਗਾੜੀ ਗੋਲੀ ਕਾਂਡ ਬਾਰੇ ਪਿਛਲੇ ਵਿਧਾਨ ਸਭਾ ਸੈਸ਼ਨ ਵੇਲੇ ਕੀਤੇ ਐਲਾਨਾਂ ਤੋਂ ਭੱਜਣ ਬਾਰੇ ਸਵਾਲ ਕਰਨੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਵਿਰੁੱਧ ਕਾਰਵਾਈ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਇਸ ਬਾਰੇ ਕੁਝ ਨਹੀਂ ਕੀਤਾ ਗਿਆ। ਫੂਲਕਾ ਨੇ ਕਿਹਾ ਕਿ ਉਹ ਸੈਸ਼ਨ ਵਿੱਚ ਸੰਨ 1986 ਵਿੱਚ ਨਕੋਦਰ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਿਰੁੱਧ ਰੋਹ ਪ੍ਰਗਟਾਉਂਦੇ ਸਿੱਖਾਂ 'ਤੇ ਗੋਲੀ ਚਲਾਉਣ ਨਾਲ ਹੋਈਆਂ ਚਾਰ ਮੌਤਾਂ ਦਾ ਮੁੱਦਾ ਵੀ ਚੁੱਕਣਗੇ, ਜਿਸ ਦੀ ਪੜਤਾਲ ਦੀ ਰਿਪੋਰਟ 1987 ਵਿੱਚ ਆ ਗਈ ਸੀ, ਪਰ 32 ਸਾਲਾਂ ਬਾਅਦ ਵੀ ਸਰਕਾਰ ਨੇ ਕਾਰਵਾਈ ਨਹੀਂ ਕੀਤੀ। ਫੂਲਕਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਗੁਰਦੁਆਰਾ ਚੋਣ ਕਮਿਸ਼ਨ ਲਈ ਚੀਫ ਕਮਿਸ਼ਨਰ ਦੀ ਨਿਯੁਕਤੀ ਬਾਰੇ ਵੀ ਚੁੱਪ ਵੱਟੀ ਬੈਠੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਹਲਕਾ ਦਾਖਾ ਵਿੱਚ ਚਲਾਈ ਮੋਬਾਈਲ ਡਿਸਪੈਂਸਰੀ ਦੀ ਤਰਜ਼ 'ਤੇ ਸਰਕਾਰ ਨੇ ਹੋਰ ਅਜਿਹੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ, ਪਰ ਇਸ ਬਾਰੇ ਅਜੇ ਤੱਕ ਸਰਵੇਖਣ ਵੀ ਨਹੀਂ ਕੀਤਾ ਗਿਆ।