image caption:

ਮੁਨੀਸ਼ ਤਿਵਾੜੀ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕ ਕੇ ਕੀਤਾ ਚੋਣ ਪ੍ਰਚਾਰ ਦਾ ਆਗਾਜ਼

ਸ਼੍ਰੀ ਅਨੰਦਪੁਰ ਸਾਹਿਬ : ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮੁਨੀਸ਼ ਤਿਵਾੜੀ ਵਲੋਂ ਅੱਜ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਸ਼ਕਤੀਪੀਠ ਮਾਤਾ ਨੈਣਾ ਦੇਵੀ ਮੱਥਾ ਟੇਕ ਕੇ ਅਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਅਨੰਦਪੁਰ ਸਾਹਿਬ ਅਧੀਨ ਪੈਂਦੇ 9 ਵਿਧਾਨ ਸਭਾ ਦੇ ਨੁਮਾਇੰਦੇ ਹਾਜ਼ਰ ਸਨ ਜਿਨ੍ਹਾਂ ਵਿਚ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਤੋਂ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ, ਰੂਪਨਗਰ ਤੋਂ ਬਰਿੰਦਰ ਢਿੱਲੋਂ,
ਖਰੜ ਤੋਂ ਬਲਬੀਰ ਸਿੰਘ ਸਿੱਧੂ ਮੰਤਰੀ ਪੰਜਾਬ ਸਰਕਾਰ, ਲਵ ਕੁਮਾਰ ਗੋਲਡੀ ਸਾਬਕਾ ਵਿਧਾਨ ਗੜਸ਼ੰਕਰ, ਅੰਗਦ ਸਿੰਘ ਵਿਧਾਇਕ ਨਵਾਂ ਸ਼ਹਿਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਵਿਜੇ ਟਿੰਕੂ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਤਰਲੋਚਨ ਸਿੰਘ ਸੁੰਢ, ਦਰਸ਼ਨ ਸਿੰਘ ਮੰਗੂਪੁਰ, ਵੀ ਨਾਲ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆ ਮੁਨੀਸ਼ ਤਿਵਾੜੀ ਨੇ ਕਿਹਾ ਕਿ ਉਹ ਅੱਜ ਦੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ 33 ਦਿਨ ਦਾ ਸਮਾਂ ਹੈ ਅਤੇ ਉਹ ਇਨ੍ਹੇ ਸਮੇਂ ਵਿਚ ਸਮੁੱਚਾ ਹਲਕਾ ਘੁੰਮ ਲੈਣਗੇ। ਉਨ੍ਹਾ ਕਿਹਾ ਕਿ ਸਾਡੀ ਜਿੱਤ ਪੱਕੀ ਹੈ ਕਿਉਂਕਿ ਲੋਕ ਮੋਦੀ ਸਰਕਾਰ ਅਤੇ ਉਸ ਦੀਆਂ ਨੀਤੀਆਂ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਅਣਐਲਾਨੀ ਐਮਰਜੈਂਸੀ ਰਹੀ ਉਨ੍ਹਾਂ ਕਿਹਾ ਕਿ ਨਾ ਤਾਂ ਕੇਂਦਰ ਵਿਚ ਕੋਈ ਹਾਂ ਪੱਖੀ ਕੰਮ ਰਿਹਾ ਅਤੇ ਨਾ ਹੀ ਸ਼੍ਰੀ ਅਨੰਦਪੁਰ ਸਾਹਿਬ ਵਿਚ ਕੋਈ ਕੰਮ ਨਜ਼ਰ ਆਇਆ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਲੋਕਾਂ ਵਲੋਂ ਘੇਰਿਆਂ ਜਾ ਰਿਹਾ ਹੈ ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆਂ &rsquoਤੇ ਆ ਰਹੀਆਂ ਹਨ।