image caption:

ਕੈਪਟਨ ਸਰਕਾਰ ਕਰ ਰਹੀ ਬੇਅਦਬੀ ਮਾਮਲੇ 'ਤੇ ਰਾਜਨੀਤੀ : ਮਜੀਠੀਆ

ਲੁਧਿਆਣਾ : ਕੈਪਟਨ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ 'ਚ ਬੇਅਦਬੀ ਦੇ 80 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਕਾਂਗਰਸ ਇਸ ਮਾਮਲੇ 'ਤੇ ਸਿਆਸਤ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਫੜਨ ਦੀ ਬਜਾਏ ਤੋਹਮਤ ਲਾਉਣ 'ਚ ਜ਼ਿਆਦਾ ਵਿਸ਼ਵਾਸ ਰੱਖਦੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੋਮਵਾਰ ਨੂੰ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ-ਭਾਜਪਾ ਦੇ ਉਮੀਦਵਾਰ ਮਹੇਸ਼ ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਰੋਡ ਸ਼ੋਅ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੈਪਟਨ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ਉਪਰ ਘੇਰਦਿਆਂ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਰੁਜ਼ਗਾਰ ਨਹੀਂ ਮਿਲਿਆ ਪਰ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪਰਿਵਾਰਕ ਮੈਂਬਰ ਨੂੰ ਪੁਲਿਸ ਦੇ ਉੱਚ ਅਹੁਦੇ 'ਤੇ ਤਾਇਨਾਤ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ 'ਚ ਨਸ਼ਿਆਂ ਨੂੰ ਖਤਮ ਕਰਨ ਦਾ ਐਲਾਨ ਕੈਪਟਨ ਨੂੰ ਯਾਦ ਨਹੀਂ ਰਿਹਾ ਹੈ।
ਜਾਖੜ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਪੇਸ਼ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਇਸ ਐਲਾਨ ਅਨੁਸਾਰ ਉਨ੍ਹਾਂ ਨੇ ਮੰਨ ਲਿਆ ਹੈ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਉਨ੍ਹਾਂ ਦੀ ਹਾਰ ਪੱਕੀ ਹੈ ਅਤੇ ਉਨ੍ਹਾਂ ਦੀ ਕੁਰਸੀ ਖੁੱਸ ਜਾਣੀ ਹੈ, ਜਿਸ ਮਗਰੋਂ ਜਾਖੜ ਹੀ ਅਗਲੇ ਮੁੱਖ ਮੰਤਰੀ ਹੋਣਗੇ। ਮਜੀਠੀਆ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਅਕਾਲੀ-ਭਾਜਪਾ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।