image caption:

ਕਰਤਾਰਪੁਰ ਲਾਂਘਾ ਦੋ ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ

ਲਾਹੌਰ,- ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿੱਚ ਕਰਤਾਰਪੁਰ ਲਾਂਘਾ ਅਜੇ ਭਾਵੇਂ ਅਜੇ ਵੀ ਬਣ ਰਿਹਾ ਹੈ, ਪਰ ਪਾਕਿਸਤਾਨ ਵੱਲੋਂ ਇਹ ਐਲਾਨ ਹੋ ਗਿਆ ਹੈ ਕਿ ਓਧਰ ਤੋਂ ਦੋ ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਜਾਵੇਗਾ ਅਤੇ ਭਾਰਤ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਨੌਂ ਨਵੰਬਰ ਨੂੰ ਇਸ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗਾ।
ਇਸ ਸੰਬੰਧੀ ਪਾਕਿਸਤਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖ ਕੌਮ ਨੂੰ ਇਹ ਤੋਹਫਾ ਦੇਣ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਤੋਂ ਬਿਨਾਂ ਨਨਕਾਣਾ ਸਾਹਿਬ ਗੁਰਦੁਆਰਾ ਜਾਣ ਲਈ ਆਗਿਆ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮੇਟੀ ਦੀ ਮੰਗ 'ਤੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਉਨ੍ਹਾਂ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘੇ ਬਾਰੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ ਅਤੇ ਪ੍ਰਕਾਸ਼ ਪੁਰਬ ਨਾਲ ਸੰਬੰਧਤ ਸਮਾਰੋਹ 10 ਤੋਂ 12 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਪੀ ਐੱਸ ਜੀ ਪੀ ਸੀ ਨੇ ਸਰਕਾਰ ਨੂੰ ਅੱਠ ਨਵੰਬਰ ਜਾਂ ਨੌਂ ਨਵੰਬਰ ਨੂੰ ਕਰਤਾਰਪੁਰ ਗਲਿਆਰਾ ਖੋਲ੍ਹਣ ਦੀ ਬੇਨਤੀ ਕੀਤੀ ਹੈ ਤਾਂ ਕਿ ਸਿੱਖ ਸ਼ਰਧਾਲੂ ਦਰਬਾਰ ਸਾਹਿਬ ਪਹੁੰਚਣ। ਪ੍ਰਧਾਨ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ ਅਤੇ ਕਰਤਾਰਪੁਰ ਸਾਹਿਬ ਵਿਖੇ ਕਰੀਬ ਇੱਕ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਦੇਸ਼ ਤੇ ਵਿਦੇਸ਼ਾਂ ਤੋਂ ਕਰੀਬ 25000 ਤੋਂ 30000 ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਦਰਸ਼ਨਾਂ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ਰਧਾਲੂਆਂ ਦੀ ਗਿਣਤੀ ਵਧਣ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 30000 ਵੀਜ਼ੇ ਜਾਰੀ ਕੀਤੇ ਗਏ ਹਨ ਅਤੇ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਨੂੰ ਕਰੀਬ 10000 ਵੀਜ਼ਾ ਦਿੱਤੇ ਜਾਣਗੇ। ਪ੍ਰਧਾਨ ਤਾਰਾ ਸਿੰਘ ਨੇ ਕਿਹਾ ਕਿ ਉਹ ਭਾਰਤ ਦੀ ਸ਼੍ਰੋਮਣੀ ਕਮੇਟੀ ਨਾਲ ਵੀ ਲਗਾਤਾਰ ਤਾਲਮੇਲ ਬਣਾ ਕੇ ਚੱਲ ਰਹੇ ਹਨ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਇਆ ਜਾ ਸਕੇ।