image caption:

ਕੈਪਟਨ ਵੱਲੋਂ ਸੁਲਤਾਨਪੁਰ ਲੋਧੀ 'ਚ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਸੁਲਤਾਨਪੁਰ ਲੋਧੀ: ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਅਜਿਹੇ ਪਵਿੱਤਰ ਦਿਹਾੜੇ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ ਤੇ ਇਸ ਮੌਕੇ ਨੂੰ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਵਿਸ਼ਵ ਵਿਆਪੀ ਸਦਭਾਵਨਾ ਦੇ ਮਾਰਗ ਦੀ ਭਾਵਨਾ ਵਿੱਚ ਮਨਾਇਆ ਜਾਵੇ।
ਇੱਥੇ ਸ੍ਰੀ ਗੁਰੂ ਨਾਨਕ ਦਰਬਾਰ ਵਿੱਚ ਪੰਜਾਬ ਸਰਕਾਰ, ਸਿੱਖ ਧਾਰਮਿਕ ਸੰਸਥਾਵਾਂ ਤੇ ਸੰਤ ਸਮਾਜ ਵੱਲੋਂ ਸਾਂਝੇ ਤੌਰ 'ਤੇ ਪ੍ਰਕਾਸ਼ ਕਰਵਾਏ ਸਹਿਜ ਪਾਠ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਆਉਣ ਦੀ ਸੇਵਾ ਨਿਭਾ ਕੇ ਸਮਾਗਮਾਂ ਦਾ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਮੁਲਕ ਸਾਹਮਣੇ ਦਰਪੇਸ਼ ਧਾਰਮਿਕ ਅਸਹਿਣਸ਼ੀਲਤਾ ਦੀਆਂ ਵਧ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਗੁਰੂ ਸਾਹਿਬ ਵੱਲੋਂ ਸਹਿਣਸ਼ੀਲਤਾ ਤੇ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ 12 ਨਵੰਬਰ ਨੂੰ ਕਰਵਾਏ ਜਾ ਰਹੇ ਮੁੱਖ ਸਮਾਗਮ ਵਿੱਚ ਸਮੁੱਚੀ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਵੀ ਆਖਿਆ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਨਵੇਂ ਪ੍ਰਸ਼ਾਸਕੀ ਕੰਪਲੈਕਸ ਤੇ ਸੁਲਤਾਨਪੁਰ ਲੋਧੀ ਦੇ ਵਿਰਾਸਤੀ ਸ਼ਹਿਰ ਦੇ ਦੁਆਲੇ 150 ਕਰੋੜ ਰੁਪਏ ਦੀ ਲਾਗਤ ਨਾਲ ਰਿੰਗ ਰੋਡ ਬਣਾਉਣ ਦਾ ਐਲਾਨ ਕੀਤਾ ਜਿਸ ਨਾਲ ਬਾਕੀ ਸ਼ਹਿਰਾਂ ਨਾਲ ਸੰਪਰਕ ਹੋਰ ਵਧਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਕਿਲ੍ਹਾ ਸਰਾਏ ਜਿਸ ਨੂੰ ਹੁਣ ਤਹਿਸੀਲ ਪ੍ਰਸ਼ਾਸਕੀ ਦਫ਼ਤਰ ਵਜੋਂ ਡਬਲ ਕੀਤਾ ਜਾ ਰਿਹਾ ਹੈ, ਨੂੰ ਸੂਬਾ ਸਰਕਾਰ ਵੱਲੋਂ ਵਿਰਾਸਤੀ ਇਮਾਰਤ ਦੇ ਤੌਰ 'ਤੇ ਸੰਭਾਲਿਆ ਜਾਵੇਗਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ 'ਤੇ ਸੁਰਜੀਤ ਪਾਤਰ ਵਰਗੇ ਉੱਘੇ ਪੰਜਾਬੀ ਲੇਖਕਾਂ ਵੱਲੋਂ ਲਿਖRਆਂ ਤੇ ਸੰਪਾਦਨ ਕੀਤੀਆਂ ਚਾਰ ਕਿਤਾਬਾਂ ਵੀ ਜਾਰੀ ਕੀਤੀਆਂ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਨਿਸ਼ਾਨੀਆਂ, ਦੁਰਲੱਭ ਹੱਥ ਲਿਖਤਾਂ ਤੇ ਵਿਲੱਖਣ ਪੁਸਤਕਾਂ 'ਤੇ ਆਧਾਰਤ ਦੋ ਨੁਮਾਇਸ਼ਾਂ ਦਾ ਵੀ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਇਕ ਨੁਮਾਇਸ਼ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਲਾਈ ਗਈ ਜਿੱਥੇ ਪਹਿਲੇ ਸਿੱਖ ਗੁਰੂ ਸਾਹਿਬ ਜੀ ਦੇ ਜੀਵਨ ਨੂੰ ਦਰਸਾਉਂਦੇ 53 ਪੈਨਲ ਸਨ ਜਦਕਿ ਦੂਜੀ ਨੁਮਾਇਸ਼ ਪੰਜਾਬ ਲਘੂ ਉਦਯੋਗ ਬਰਾਮਦ ਨਿਗਮ ਵੱਲੋਂ ਲਾਈ ਗਈ।