image caption:

ਜੰਮੂ-ਕਸ਼ਮੀਰ ਦੇ ਨਵੇਂ ਨਕਸ਼ੇ ਨੂੰ ਪਾਕਿਸਤਾਨ ਨੇ ਨਹੀਂ ਦਿੱਤੀ ਮਨਜ਼ੂਰੀ

ਐਤਵਾਰ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਨਵੇਂ ਗਠਿਤ ਕੇਂਦਰ ਸ਼ਾਸਿਤ ਸੂਬਿਆਂ ਜੰਮੂ-ਕਸ਼ਮੀਰ ਤੇ ਲੱਦਾਖ ਦਾ ਨਵਾਂ ਨਕਸ਼ਾ ਜਾਰੀ ਕੀਤਾ ਗਿਆ ਸੀ । ਗ੍ਰਹਿ ਮੰਤਰਾਲੇ ਵੱਲੋਂ ਭਾਰਤ ਦਾ ਵੀ ਨਵਾਂ ਸਿਆਸੀ ਨਕਸ਼ਾ ਜਾਰੀ ਕੀਤਾ ਗਿਆ, ਜਿਸ ਵਿੱਚ ਇਨ੍ਹਾਂ ਦੋਵਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਰਸਾਇਆ ਗਿਆ ਸੀ।
ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਖੇਤਰ ਨੂੰ ਪ੍ਰਦਰਸ਼ਤ ਕਰਦੇ ਹੋਏ ਤੇ ਗਿਲਗਿਤ-ਬਾਲਟਿਸਤਾਨ ਤੇ ਆਜ਼ਾਦ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਨੂੰ ਭਾਰਤ ਦੇ ਅਧਿਕਾਰ ਖੇਤਰ &lsquoਚ ਦਰਸਾਉਣ ਦੀ ਕੋਸ਼ਿਸ਼ ਕਰਨਾ ਗ਼ਲਤ ਤੇ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੇ ਮਤੇ ਦੀ ਪੂਰੀ ਤਰ੍ਹਾਂ ਉਲੰਘਣਾ ਹੈ।
ਵਿਦੇਸ਼ ਦਫ਼ਤਰ ਨੇ ਕਿਹਾ ਕਿ ਪਾਕਿਸਤਾਨ ਇਨ੍ਹਾਂ ਰਾਜਨੀਤਿਕ ਨਕਸ਼ਿਆਂ ਨੂੰ ਖਾਰਿਜ ਕਰਦਾ ਹੈ, ਜੋ ਸੰਯੁਕਤ ਰਾਸ਼ਟਰ ਦੇ ਨਕਸ਼ਿਆਂ ਦੇ ਅਨੁਕੂਲ ਨਹੀਂ ਹਨ। ਦੱਸ ਦੇਈਏ ਕਿ 31 ਅਕਤੂਬਰ 2019 ਨੂੰ ਬਣਾਏ ਗਏ ਨਵੇਂ ਜੰਮੂ-ਕਸ਼ਮੀਰ, ਨਵੇਂ ਲੱਦਾਖ ਤੇ ਭਾਰਤ ਦੇ ਨਕਸ਼ਿਆਂ ਵਿੱਚ ਇਹ ਦੋਵੇਂ ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਰਸਾਉਂਦੇ ਹੋਏ ਸਰਵੇ ਜਨਰਲ ਆਫ਼ ਇੰਡੀਆ ਦੁਆਰਾ ਨਵੇਂ ਨਕਸ਼ੇ ਤਿਆਰ ਕੀਤੇ ਗਏ ਸਨ ।