image caption:

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅਫ਼ਗਾਨਿਸਤਾਨ ਗੁਰੂਘਰ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ

ਅਫ਼ਗ਼ਾਨਿਸਤਾਨ ਗੁਰਦੁਆਰੇ ਤੇ ਹੋਇਆ ਹਮਲਾ ਬੇਹੱਦ ਨਿੰਦਣਯੋਗ: ਜਥੇਦਾਰ ਬ੍ਰਹਮਪੁਰਾ
ਅੰਮ੍ਰਿਤਸਰ- ਅਫ਼ਗ਼ਾਨਿਸਤਾਨ ਦੇ ਸ਼ੌਰ ਬਜ਼ਾਰ ਸਥਿਤ ਮੀਡੀਆ ਰਿਪੋਰਟਾਂ ਅਨੁਸਾਰ ਪਤਾ ਲੱਗਾ ਹੈ ਕਿ ਇੱਕ ਅਣਪਛਾਤੇ ਸੁਰੱਖਿਆ ਕਰਮਚਾਰੀ ਅਤੇ ਮਾਨਵ ਬੰਬ ਦੁਆਰਾ ਗੁਰਦੁਆਰਾ ਸਾਹਿਬ ਤੇ ਹਮਲਾ ਕੀਤਾ ਗਿਆ ਹੈ ਜਿਸ ਨਾਲ ਸਿੱਖ ਭਾਈਚਾਰੇ ਦਾ ਵੱਡੀ ਗਿਣਤੀ 'ਚ ਨੁਕਸਾਨ ਹੋਇਆ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਸ ਹਮਲੇ ਦੀ ਡੂੰਘੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਜਿਸ ਵਿਚ 11 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਕਈਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿੰਨ੍ਹਾਂ ਵਿੱਚ ਵੱਡੀ ਗਿਣਤੀ ਸਿੱਖ ਪਰਿਵਾਰਾਂ ਦੀ ਸ਼ਾਮਲ ਹੈ। ਜਥੇਦਾਰ ਬ੍ਰਹਮਪੁਰਾ ਨੇ ਭਾਰਤ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਬੇਨਤੀ ਕੀਤੀ ਹੈ ਅਤੇ ਇਸ ਦੇ ਨਾਲ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅਫ਼ਗਾਨਿਸਤਾਨ ਗੁਰੂਘਰ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ ਹੈ ਕਿਉਂਕਿ ਅੱਜ ਤੋਂ ਕਰੀਬ ਦੋ ਸਾਲ ਪਹਿਲਾਂ ਵੀ ਅਫ਼ਗਾਨਿਸਤਾਨ ਵਿਖੇ ਇਸ ਤਰ੍ਹਾਂ ਦੇ ਆਤਮਘਾਤੀ ਹਮਲੇ ਨੂੰ ਬੱਸ ਵਿੱਚ ਅੰਜਾਮ ਦਿੱਤਾ ਗਿਆ ਸੀ ਜਿਸ ਵਿਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਆਪਣੀ ਕੀਮਤੀ ਜਾਨਾਂ ਦਾ ਮੁੱਲ ਅਦਾ ਕਰਕੇ, ਆਪਣੀਆਂ ਜ਼ਿੰਦਗੀਆਂ ਤੋਂ ਹਮੇਸ਼ਾ ਹਮੇਸ਼ਾ ਹੱਥ ਧੋਣਾ ਪਿਆ ਸੀ। ਇਸ ਕਰਕੇ ਭਾਰਤ ਸਰਕਾਰ ਨੂੰ ਵਿਦੇਸ਼ਾਂ 'ਚ ਵਸ ਰਹੇ ਭਾਰਤੀ ਭਾਈਚਾਰਿਆਂ ਦੀ ਸੁਰਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਇਹ ਵੀ ਆਖਿਆ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਜੇਕਰ ਅਜਿਹੀਆਂ ਘਟਨਾਵਾਂ ਬੰਦ ਨਹੀਂ ਕੀਤੀਆਂ ਗਈਆ ਤਾਂ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਪੂਰੀ ਦੁਨੀਆ ਵਿੱਚ ਬਦ ਤੋਂ ਬੱਤਰ ਹੋ ਜਾਵੇਗੀ ਅਤੇ ਉਹ ਸਰਬ ਸ਼ਕਤੀਮਾਨ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਮ੍ਰਿਤਕਾਂ ਦੀ ਰੂਹ ਨੂੰ ਸਰਬ ਸ਼ਕਤੀਮਾਨ ਪ੍ਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।