image caption:

ਜਾਖੜ ਨੇ ਕੇਂਦਰ ਸਰਕਾਰ ਖ਼ਿਲਾਫ਼ ਪਹਿਲੀ ਮਈ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਦਾ ਦਿੱਤਾ ਸੱਦਾ

ਚੰਡੀਗੜ੍ਹ : ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਮਈ ਮਜ਼ਦੂਰ ਦਿਵਸ ਮੌਕੇ 'ਤੇ ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ 'ਤੇ ਤਿਰੰਗਾਂ ਝੰਡਾ ਲਹਿਰਾਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਕਿਹਾ ਕਿ ਰੋਸ ਮੁਜ਼ਾਹਰੇ ਵਿਚ ਹਿੱਸਾ ਲੈਣ ਵਾਲਿਆਂ ਲਈ ਰਾਸ਼ਟਰੀ ਝੰਡਿਆਂ ਦਾ ਪ੍ਰਬੰਧ ਕਾਂਗਰਸ ਵੱਲੋਂ ਕੀਤਾ ਜਾਵੇਗਾ। ਯਾਦ ਰਹੇ ਕਿ ਇਸ ਤੋਂ ਪਹਿਲਾਂ ਜਾਖੜ ਨੇ 20 ਅਪ੍ਰੈਲ ਨੂੰ ਲੋਕਾਂ ਨੂੰ 'ਬੋਲੇ ਸੋ ਨਿਹਾਲ ਅਤੇ ਹਰ ਹਰ ਮਹਾਂਦੇਵ ਦੇ ਜੈਕਾਰੇ' ਲਾਉਣ ਦੀ ਅਪੀਲ ਕੀਤੀ ਸੀ। ਜਾਖੜ ਦੀ ਜੈਕਾਰੇ ਲਾਉਣ ਦੀ ਅਪੀਲ ਨੂੰ ਲੋਕਾਂ ਦਾ ਬਹੁਤਾ ਹੁੰਗਾਰਾ ਨਹੀਂ ਮਿਲਿਆ ਸੀ। ਮੰਗਲਵਾਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਵਿਚ ਸੁਨੀਲ ਜਾਖੜ ਨੇ ਦੁਬਾਰਾ ਪਹਿਲੀ ਮਈ ਨੂੰ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਮੁੱਦਾ ਚੁੱਕਿਆ ਹੈ। ਸੂਤਰ ਦੱਸਦੇ ਹਨ ਕਿ ਜਾਖੜ ਨੇ 20 ਅਪ੍ਰੈਲ ਨੂੰ ਸਰਕਾਰ ਵੱਲੋਂ ਸਮਰਥਨ ਨਾ ਮਿਲਣ ਦਾ ਮੁੱਦਾ ਵੀ ਚੁੱਕਿਆ, ਇਸ ਤੋਂ ਬਾਅਦ ਕੈਪਟਨ ਨੇ ਜਾਖੜ ਵੱਲੋਂ ਲਏ ਗਏ ਫ਼ੈਸਲੇ ਦਾ ਸਮਰਥਨ ਕੀਤਾ ਹੈ। ਜਾਖੜ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਸੰਕਟ ਦੇ ਮੌਕੇ ਕੇਂਦਰ ਸਰਕਾਰ ਪੰਜਾਬ ਸਰਕਾਰ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੀ ਤੁਰੰਤ ਰਾਹਤ ਦੀ ਮੰਗ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਹਾਮਾਰੀ ਅਤੇ ਲਾਕਡਾਊਨ / ਕਰਫਿਊ ਦੇ ਨਤੀਜੇ ਵਜੋਂ ਸੂਬੇ ਨੂੰ ਹਰ ਮਹੀਨੇ ਤਕਰੀਬਨ 3360 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋ ਰਿਹਾ ਹੈ ਅਤੇ ਇਕ ਸਾਲ ਵਿਚ ਸੂਬੇ ਨੂੰ ਤਕਰੀਬਨ 50,000 ਕਰੋੜ ਰੁਪਏ ਦਾ ਘਾਟਾ ਸਹਿਣਾ ਪਏਗਾ। ਮੌਜੂਦਾ ਸੰਕਟ ਨਾਲ ਨਜਿੱਠਣ ਲਈ ਸੂਬੇ ਨੂੰ ਕੇਂਦਰ ਵੱਲੋ ਅਜੇ ਤਕ ਕੋਈ ਸਹਾਇਤਾ ਪ੍ਰਾਪਤ ਨਹੀਂ ਹੋਈ। ਜਾਖੜ ਨੇ ਕਿਹਾ ਕਿ ਕਿ ਮਈ ਦਿਵਸ (ਮਜ਼ਦੂਰ ਦਿਵਸ) ਮੌਕੇ ਕੀਤਾ ਜਾਣ ਵਾਲਾ ਇਹ ਵਿਰੋਧ ਸੰਕਟ ਦੀ ਇਸ ਘੜੀ ਵਿਚ ਕੇਂਦਰੀ ਸਹਾਇਤਾ ਲਈ ਪੰਜਾਬ ਦੇ ਅਧਿਕਾਰ ਨੂੰ ਪ੍ਰਮੁੱਖਤਾ ਨਾਲ ਪੇਸ਼ ਕਰੇਗਾ। ਉਨ੍ਹਾਂ ਕਿਹਾ 'ਪੰਜਾਬ ਭਾਰਤ ਦਾ ਅਟੁੱਟ ਹਿੱਸਾ ਹੈ ਅਤੇ ਕੇਂਦਰ ਸਰਕਾਰ ਸਾਡੇ ਨਾਲ ਵਿਤਕਰਾ ਨਹੀਂ ਕਰ ਸਕਦੀ।' ਜਾਖੜ ਨੇ ਕਿਹਾ ਕਿ ਪੰਜਾਬ ਕੋਈ ਭੀਖ ਨਹੀਂ ਮੰਗ ਰਿਹਾ ਬਲਕਿ ਆਪਣਾ ਹੱਕ ਮੰਗ ਰਿਹਾ ਹੈ।