image caption: -ਰਜਿੰਦਰ ਸਿੰਘ ਪੁਰੇਵਾਲ

ਦਲ ਬਦਲੂ ਪੰਜਾਬ ਦੀ ਸਿਆਸੀ ਲੀਡਰਸ਼ਿਪ, ਅਸੀਂ ਤਾਂ ਸਮਝਦੇ ਹਾਂ ਕਿ ਵੋਟਰ ਦਲ ਬਦਲਣ ਵਾਲਿਆਂ ਨੂੰ ਵੋਟ ਨਾ ਪਾਉਣ

ਪੰਜਾਬ ਦੇ ਸਿਆਸੀ ਆਗੂਆਂ ਦੀ ਆਪਣੀਆਂ ਪਾਰਟੀਆਂ ਪ੍ਰਤੀ ਕਦੇ ਵੀ ਵਫਾਦਾਰੀ ਪੱਕੀ ਨਹੀਂ ਰਹੀ| 1996 ਵਿੱਚ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਹ 10 ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ| ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਤੋਂ ਤੋੜ ਵਿਛੋੜਾ ਕਰਨ ਵਾਲੇ ਮਨਪ੍ਰੀਤ ਸਿੰਘ ਬਾਦਲ ਵੀ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਪੰਜ ਸਾਲ ਤੱਕ ਖਜ਼ਾਨਾ ਮੰਤਰੀ ਦੀ ਕੁਰਸੀ ਸਾਂਭਣ ਦਾ ਮੌਕਾ ਮਿਲਿਆ| ਉਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਏ| ਬਲਵੰਤ ਸਿੰਘ ਰਾਮੂਵਾਲੀਆ ਵੀ ਦੋ ਵਾਰ ਦਲਬਦਲੀ ਕਰ ਕੇ ਪੰਜਾਬ ਅਤੇ ਯੂਪੀ ਵਿੱਚ ਮੰਤਰੀ ਦੀ ਕੁਰਸੀ ਹਾਸਲ ਕਰਨ ਵਿੱਚ ਸਫ਼ਲ ਰਹੇ| ਭਾਜਪਾ ਵੱਲੋਂ ਫਰੀਦਕੋਟ ਤੋਂ ਲੋਕ ਸਭਾ ਦੇ ਉਮੀਦਵਾਰ ਐਲਾਨੇ ਗਏ ਹੰਸ ਰਾਜ ਹੰਸ ਨੇ ਪਹਿਲਾਂ ਅਕਾਲੀ ਦਲ ਅਤੇ ਫਿਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਦੀ ਬਾਂਹ ਫੜੀ ਅਤੇ ਸਿੱਧਾ ਲੋਕ ਸਭਾ ਵਿੱਚ ਪਹੁੰਚ ਗਏ| ਉਹ ਇੱਕ ਵਾਰ ਫਿਰ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਹਨ| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਕਾਂਗਰਸ ਦੇ ਵੱਡੇ ਆਗੂ ਸਨ ਪਰ ਉਨ੍ਹਾਂ ਨੇ 2014 ਵਿੱਚ ਆਪ  ਪਾਰਟੀ ਵਿੱਚ ਜਾਣ ਦਾ ਫੈਸਲਾ ਕਰ ਲਿਆ| ਉਹ ਦੋ ਵਾਰ ਵਿਧਾਇਕ ਚੁਣੇ ਗਏ ਅਤੇ ਇਸ ਵੇਲੇ ਉਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਹਨ|
ਸੁਖਪਾਲ ਸਿੰਘ ਖਹਿਰਾ ਨੂੰ ਵੀ ਕਾਂਗਰਸ  ਕਾਫ਼ੀ ਰਾਸ ਆਈ ਅਤੇ ਉਹ ਪਹਿਲੀ ਵਾਰ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਬਣੇ| ਗੁਰਪ੍ਰੀਤ ਸਿੰਘ ਕਾਂਗੜ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਸੀ ਅਤੇ ਉਹ ਪੰਜਾਬ ਵਿੱਚ ਬਿਜਲੀ ਮੰਤਰੀ ਬਣਨ ਵਿੱਚ ਸਫ਼ਲ ਹੋ ਗਏ| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਪਹਿਲੀ ਚੋਣ ਕਾਂਗਰਸ ਦੀ ਟਿਕਟ ਤੋਂ ਲੜੀ ਸੀ ਪਰ ਬਾਅਦ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਅਤੇ ਲਗਾਤਾਰ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਮਾਣ ਹਾਸਲ ਕੀਤਾ| ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੀ ਅਕਾਲੀ ਦਲ ਵਿੱਚੋਂ ਆਏ ਹਨ ਅਤੇ ਕਾਂਗਰਸ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਅਤੇ ਬਾਅਦ ਵਿੱਚ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਵੀ ਬਣੇ| ਇਸ ਵਾਰ ਲੋਕ ਸਭਾ ਚੋਣਾਂ ਵਿੱਚ ਵੀ ਦਲ ਬਦਲ ਕੇ ਉਮੀਦਵਾਰ ਵੱਡੀ ਗਿਣਤੀ ਵਿੱਚ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਰਵਨੀਤ ਬਿੱਟੂ, ਸੁਸ਼ੀਲ ਕੁਮਾਰ ਰਿੰਕੂ, ਮਹਾਰਾਣੀ ਪ੍ਰਨੀਤ ਕੌਰ ਆਦਿ ਪ੍ਰਮੁੱਖ ਤੌਰ ਤੇ ਸ਼ਾਮਿਲ ਹਨ| 
ਇਸ ਵਾਰ ਦਲ ਬਦਲੀ ਕਾਰਣ ਆਪ ਤੇ ਕਾਂਗਰਸ ਨੂੰ ਵਡਾ ਝਟਕਾ ਲਗ ਰਿਹਾ ਹੈ|ਲੋਕ ਸਭਾ ਮੈਂਬਰ ਰਵਨੀਤ ਬਿਟੂ ਦੇ ਭਾਜਪਾ ਵਿਚ ਸ਼ਾਮਲ ਹੋਣ ਕਾਰਣ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਗਿਣਤੀ 6 ਹੀ ਰਹਿ ਗਈ ਹੈ| ਸ਼੍ਰੋਮਣੀ ਅਕਾਲੀ ਦਲ ਨੇ ਪਿਛਲੀ ਲੋਕ ਸਭਾ ਚੋਣ ਵਿਚ 2 ਸੀਟਾਂ ਜਿੱਤੀਆਂ ਸਨ| ਭਾਜਪਾ ਨੇ ਵੀ 2 ਸੀਟਾਂ ਤੇ ਹੀ ਜਿੱਤ ਹਾਸਿਲ ਕੀਤੀ ਸੀ ਤੇ 1 ਸੀਟ ਆਮ ਆਦਮੀ ਪਾਰਟੀ ਨੇ ਜਿੱਤੀ ਸੀ| ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਤੋਂ ਭਗਵੰਤ ਮਾਨ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੋਈ ਉਪ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਜੇਤੂ ਰਹੇ ਸਨ ਤੇ ਆਮ ਆਦਮੀ ਪਾਰਟੀ ਹੱਥੋਂ ਇਹ ਸੀਟ ਨਿਕਲ ਗਈ ਸੀ| ਹੁਣ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਤੋਂ ਕਿਹੜੀ ਪਾਰਟੀ ਕਿੰਨੀਆਂ ਸੀਟਾਂ ਪ੍ਰਾਪਤ ਕਰਦੀ ਹੈ, ਇਹ ਵੇਖਣਾ ਦਿਲਚਸਪ ਹੋਵੇਗਾ|
ਪੰਜਾਬ ਵਿਚ ਜੋ ਕੁਝ ਹੋ ਰਿਹਾ ਹੈ, ਇਸੇ ਵਰਤਾਰੇ ਦਾ ਹਿੱਸਾ ਹੈ| ਬਹੁਤੇ ਸਾਰੇ ਲੀਡਰ ਆਪੋ-ਆਪਣੀ ਪਾਰਟੀਆਂ ਛੱਡ ਕੇ ਹੋਰ ਪਾਰਟੀਆਂ ਵਿਚ ਗਏ ਹਨ| ਇਹ ਉਹ ਲੀਡਰ ਹਨ ਜਿਹੜੇ ਥੋੜ੍ਹੇ ਦਿਨ ਪਹਿਲਾ ਇਹ ਢੰਡੋਰਾ ਪਿੱਟ ਰਹੇ ਸਨ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ| ਦਲ ਬਦਲੂਆਂ ਕਾਰਨ ਬਿਨਾਂ ਸ਼ੱਕ ਪਾਰਟੀਆਂ ਦਾ ਅੰਦਰੂਨੀ ਸੰਤੁਲਨ ਵਿਗੜਦਾ ਹੈ| ਪਾਰਟੀਆਂ ਦੇ ਉਹ ਨਿਸ਼ਕਾਮ ਵਰਕਰ, ਨੇਤਾ ਜਿਹੜੇ ਵਰ੍ਹਿਆਂਬੱਧੀ ਆਪਣੀ ਪਾਰਟੀ ਲਈ ਕੰਮ ਕਰਦੇ ਹਨ, ਉਹਨਾਂ ਦਾ ਹੱਕ ਮਾਰਿਆ ਜਾਂਦਾ ਹੈ, ਅਵਾਜ਼ ਦੱਬੀ ਜਾਂਦੀ ਹੈ| ਪਾਰਟੀਆਂ ਦੇ ਨਿਯਮ ਭੰਗ ਹੁੰਦੇ ਹਨ, ਵਿਧਾਨ ਟੁੱਟਦਾ ਹੈ| ਪੈਰਾਸ਼ੂਟ ਨਾਲ ਉੱਪਰੋਂ ਆਏ ਆਪਣੇ ਨੇਤਾਵਾਂ ਕਾਰਨ ਨਹੀਂ, ਇਹ ਵਰਕਰ ਪਹਿਲਾਂ ਹੀ ਪ੍ਰੇਸ਼ਾਨ ਸਨ, ਪਰ ਹੁਣ ਤਾਂ ਦੂਹਰੀ ਮਾਰ ਉਹਨਾਂ ਨੂੰ ਪੈ ਰਹੀ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾ ਵੀ ਉਹਨਾਂ ਅੱਗੇ ਆ ਖੜੋਂਦੇ ਹਨ|ਅਸਲ ਵਿੱਚ ਦਲ ਬਦਲੀ ਨੇ ਭਾਰਤ ਦੀ ਸਿਆਸਤ ਹੀ ਬਦਲ ਦਿੱਤੀ ਹੈ| ਕੁਰਸੀ ਦੀ ਹੋੜ ਨੇ ਨੈਤਿਕ ਕਦਰਾਂ-ਕੀਮਤਾਂ ਨੂੰ ਢਾਹ ਲਾਈ ਹੈ| ਭਾਰਤ ਦੇ ਲੋਕਤੰਤਰ ਦੀ ਚੰਗੀ ਸਿਹਤ ਲਈ ਦਲ-ਬਦਲੂਆਂ ਵਰਗੇ ਵਰਤਾਰੇ ਰੋਕੇ ਜਾਣ ਦੀ ਜ਼ਰੂਰਤ ਹੈ, ਤਦ ਹੀ ਦੇਸ਼ ਦੇ ਲੋਕ ਹਕੂਮਤ ਤੋਂ ਸਵੱਛ ਪ੍ਰਸ਼ਾਸਨ ਦੀ ਆਸ ਕਰ ਸਕਣਗੇ|  ਇਹ ਪੰਜਾਬ ਦੇ ਸੂਝਵਾਨ, ਜੁਝਾਰੂ ਤੇ ਚੇਤੰਨ ਵੋਟਰਾਂ ਨੇ ਦੇਖਣਾ ਹੈ ਕਿ ਚੋਣਾਂ ਵਿਚ ਇਨ੍ਹਾਂ ਨੂੰ ਕੀ ਜੁਆਬ ਦੇਣਾ ਹੈ|
-ਰਜਿੰਦਰ ਸਿੰਘ ਪੁਰੇਵਾਲ