image caption:

ਹੁਣ ਆਰਐਸਐਸ ਵੱਲੋਂ ਸਿੱਖ ਇਤਿਹਾਸ ਨਾਲ ਛੇੜਛਾੜ !

ਚੰਡੀਗੜ੍ਹ: ਸਿੱਖ ਇਤਿਹਾਸ ਨਾਲ ਛੇੜਛਾੜ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵੀ ਕਸਤੇ ਘਿਰ ਗਏ ਹਨ। ਮਾਮਲਾ ਆਰਐਸਐਸ ਵੱਲੋਂ ਛਾਪੀਆਂ ਕਿਤਾਬ ਨਾਲ ਸਬੰਧਤ ਹੈ। ਸ਼੍ਰੋਮਣੀ ਅਕਾਲੀ ਦਲ ਬੀਜੇਪੀ ਦੀ ਭਾਈਵਾਲ ਹੈ ਜੋ ਸੰਘ ਪਰਿਵਾਰ ਦਾ ਸਿਆਸੀ ਵਿੰਗ ਹੈ।

ਦਰਅਸਲ ਆਰਐਸਐਸ ਦੇ ਮੁੱਖ ਕੇਂਦਰ ਨਾਗਪੁਰ ਵਿੱਚ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿੱਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨਾਲ ਛੇੜਛਾੜ ਦਾ ਮਾਮਲਾ ਗਰਮਾ ਗਿਆ ਹੈ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ ਵਿੱਚੋਂ ਸਿੱਖ ਇਤਿਹਾਸ ਨਾਲ ਛੇੜਛਾੜ ਦੇ ਮਾਮਲੇ &lsquoਤੇ ਕਾਂਗਰਸ ਸਰਕਾਰ ਨੂੰ ਘੇਰ ਰਿਹਾ ਸ਼੍ਰੋਮਣੀ ਅਕਾਲੀ ਦਲ ਖੁਦ ਹੀ ਘਿਰ ਗਿਆ ਹੈ।

ਪਤਾ ਲੱਗਾ ਹੈ ਕਿ ਆਰਐਸਐਸ ਵੱਲੋਂ ਹਿੰਦੀ ਭਾਸ਼ਾ ਵਿੱਚ ਛੋਟੀਆਂ ਛੋਟੀਆਂ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਪੁਸਤਕਾਂ ਵਿੱਚ ਗੁਰੂ ਸਾਹਿਬਾਨ ਨੂੰ ਗਊ ਪੂਜਕ ਤੇ ਹਿੰਦੂ ਰੀਤੀ ਰਿਵਾਜਾਂ ਦਾ ਹਾਮੀ ਸਿੱਧ ਕਰਨ ਦਾ ਯਤਨ ਕੀਤਾ ਗਿਆ ਹੈ। 2016 ਵਿੱਚ ਪ੍ਰਕਾਸ਼ਿਤ ਇਹ ਪੁਸਤਕਾਂ ਲੰਮੇ ਸਮੇਂ ਤੋਂ ਲੋਕਾਂ ਵਿੱਚ ਪਹੁੰਚਾਈਆਂ ਜਾ ਰਹੀਆਂ ਹਨ।

ਦਿਲਚਸਪ ਗੱਲ਼ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ ਬਾਰੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਸੀ ਕਿ ਉਹ ਆਰਐਸਐਸ ਬਾਰੇ ਕੁਝ ਨਹੀਂ ਬੋਲਣਗੇ। ਹੁਣ ਜਦੋਂ ਇਸ ਬਾਰੇ ਲੌਂਗੋਵਾਲ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਭਾਰਤ ਸਰਕਾਰ ਤੇ ਮਹਾਰਾਸ਼ਟਰ ਸਰਕਾਰ ਕੋਲੋਂ ਕਾਰਵਾਈ ਦੀ ਮੰਗ ਕੀਤੀ ਹੈ।

ਲੌਂਗੋਵਾਲ ਨੇ ਕਿਹਾ ਕਿ ਆਰਐਸਐਸ ਦੀ ਇਸ ਕਾਰਵਾਈ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸਬੰਧਤ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।

ਉਨ੍ਹਾਂ ਆਰਐਸਐਸ ਤੇ ਕਿਤਾਬਾਂ ਦੇ ਪ੍ਰਕਾਸ਼ਕ ਨੂੰ ਤਾੜਨਾ ਕੀਤੀ ਹੈ ਕਿ ਉਹ ਵਿਵਾਦਤ ਕਿਤਾਬਾਂ ਨੂੰ ਤੁਰੰਤ ਵਾਪਸ ਲੈਣ ਤੇ ਸਿੱਖ ਜਗਤ ਕੋਲੋਂ ਮੁਆਫ਼ੀ ਮੰਗਣ। ਉਨ੍ਹਾਂ ਆਰਐਸਐਸ ਨੂੰ ਵੀ ਨਸੀਹਤ ਦਿੱਤੀ ਹੈ ਕਿ ਉਹ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਤੋਂ ਗੁਰੇਜ਼ ਕਰਨ।