image caption:

ਪੰਜਾਬੀ ਭਾਸ਼ਾ ਲਈ 'ਆਪ' ਦੇ ਹੰਭਲੇ ਨੂੰ ਨਾ ਮਿਲੀ ਸਰਕਾਰ ਦੀ ਹਮਾਇਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਮਾਂ-ਬੋਲੀ ਪੰਜਾਬੀ ਭਾਸ਼ਾ ਦਾ ਮੁੱਦਾ ਉਠਾਇਆ। ਸਦਨ ਦੀ ਕਾਰਵਾਈ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ 'ਤੇ ਸਾਂਝਾ ਮਤਾ ਲਿਆਉਣ ਦੀ ਮੰਗ ਕੀਤੀ ਪਰ ਉਨ੍ਹਾਂ ਦੀ ਇਹ ਮੰਗ ਸਪੀਕਰ ਤੇ ਸੱਤਾਧਾਰੀ ਧਿਰ ਨੇ ਨਜਰਅੰਦਾਜ਼ ਕਰ ਦਿੱਤੀ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਪੀਕਰ ਤੇ ਸੱਤਾਧਾਰੀ ਧਿਰ ਦੀ ਪੰਜਾਬੀ ਭਾਸ਼ਾ ਪ੍ਰਤੀ ਅਜਿਹੀ ਪਹੁੰਚ ਮੰਦਭਾਗੀ ਹੈ। ਸੰਧਵਾਂ ਨੇ ਦੱਸਿਆ ਕਿ ਉਹ ਮਤਾ ਲਿਆਉਣਾ ਚਾਹੁੰਦੇ ਸਨ ਕਿ ਸਰਕਾਰ ਪੰਜਾਬ 'ਚ ਮਾਤ ਭਾਸ਼ਾ ਪੰਜਾਬੀ ਨੂੰ ਉੱਤਮ ਸਥਾਨ ਤੇ ਬਣਦਾ ਸਨਮਾਨ ਦੇਣ ਲਈ ਰਾਜਧਾਨੀ ਚੰਡੀਗੜ੍ਹ ਸਮੇਤ ਪੂਰੇ ਪੰਜਾਬ 'ਚ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਬੋਰਡਾਂ 'ਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਵਿੱਚ ਜਾਣਕਾਰੀ ਲਿਖਣੀ ਲਾਜ਼ਮੀ ਬਣਾਉਣ ਲਈ ਆਦੇਸ਼ ਜਾਰੀ ਕਰੇ।
ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਜੋ ਪੰਜਾਬੀ ਬੋਲਦੇ ਦਰਜਨਾਂ ਪਿੰਡ ਉਜਾੜ ਕੇ ਵਸਾਇਆ ਗਿਆ ਸੀ, 'ਚ ਸਰਕਾਰੀ ਪੱਧਰ ਉੱਤੇ ਪੰਜਾਬੀ ਦਾ ਹੱਕ ਬਹਾਲ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਸੰਜੀਦਾ ਪਹੁੰਚ ਕਰੇ। ਪੰਜਾਬ ਭਾਸ਼ਾ ਦਾ ਰੁਤਬਾ ਬਹਾਲ ਕਰਨ ਲਈ ਪੰਜਾਬੀ ਭਾਸ਼ਾ ਐਕਟ 2008 ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ। ਭਾਸ਼ਾ ਵਿਭਾਗ ਪੰਜਾਬ ਦੀ ਖੋ ਚੁੱਕੀ ਸ਼ਾਨ ਮੁੜ ਬਹਾਲ ਕਰਨ ਲਈ ਵਿਸ਼ੇਸ਼ ਫ਼ੰਡ ਤੇ ਅਮਲੇ ਦੀ ਤੁਰੰਤ ਪੂਰਤੀ ਕੀਤੀ ਜਾਵੇ। ਪੰਜਾਬੀ ਮਾਤ ਭਾਸ਼ਾ ਨਾਲ ਜੁੜੇ ਸਾਰੇ ਸਰੋਕਾਰਾਂ ਦੀ ਪੂਰਤੀ ਲਈ ਰਾਜ ਵਿੱਚ ਸ਼ਕਤੀਸ਼ਾਲੀ ਪੰਜਾਬ ਰਾਜ ਭਾਸ਼ਾ ਕਮਿਸ਼ਨ ਦਾ ਗਠਨ ਕੀਤਾ ਜਾਵੇ।