image caption:

ਖੇਤੀ ਕਾਨੂੰਨਾਂ ਸਬੰਧੀ ਮੋਦੀ ਸਰਕਾਰ ਦੇ ਰਵੱਈਏ ’ਤੇ ਸੰਸਦ ’ਚ ਸ਼ੋਰ-ਸ਼ਰਾਬਾ

ਨਵੀਂ ਦਿੱਲੀ,- ਖੇਤੀ ਕਾਨੂੰਨਾਂ ਸਬੰਧੀ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਕੇਂਦਰ ਸਰਕਾਰ ਦੇ ਰਵੱਈਏ  ਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿੱਚ ਸ਼ੋਰ-ਸ਼ਰਾਬਾ ਕੀਤਾ ਤੇ ਕਾਰਵਾਈ ਨਹੀਂ ਚੱਲਣ ਦਿੱਤੀ। ਅਕਾਲੀ ਦਲ ਤੇ ਬਸਪਾ ਦੇ ਲੋਕ ਸਭਾ ਮੈਂਬਰਾਂ ਨੇ ਅੱਜ ਵੀ ਕੰਮ ਰੋਕੂ ਮਤਾ ਪੇਸ਼ ਕੀਤਾ ਪਰ ਸਰਕਾਰ ਨੇ ਇਸ ਨੂੰ ਨਹੀਂ ਮੰਨਿਆ। ਅਕਾਲੀ ਦਲ ਦੇ ਪ੍ਰਧਾਨ ਨੇ ਕਰੋਨਾ ਮਹਾਮਾਰੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ,  ਆਪ  ਦੇ ਸੰਸਦਾਂ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ  ਸ਼ਰਮ ਕਰੋ, ਦੇਸ਼ ਦੇ ਅੰਨਦਾਤਾ ਦਾ ਅਪਮਾਨ ਬੰਦ ਕਰੋ  ਦੇ ਨਾਅਰੇ ਲਾਏ। ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਦੱਸਿਆ ਕਿ ਦੂਜੇ ਦਿਨ ਲਗਾਤਾਰ ਅਕਾਲੀ ਦਲ ਤੇ ਬਸਪਾ ਦੇ ਮੈਂਬਰਾਂ ਨੇ ਅੱਜ ਫਿਰ ਖੇਤੀ ਕਾਨੂੰਨ ਰੱਦ ਕਰਨ ਬਾਬਤ ਕੰਮ ਰੋਕੂ ਮਤਾ ਪੇਸ਼ ਕੀਤਾ, ਪਰ ਸਰਕਾਰ ਨੇ ਇਸ ਨੂੰ ਪੇਸ਼ ਨਾ ਕਰਨ ਦਿੱਤਾ। ਸੰਸਦ ਦੇ ਬਾਹਰ ਰੋਸ ਪ੍ਰਗਟਾਉਣ ਵਾਲਿਆਂ ਵਿੱਚ ਸ੍ਰੀ ਗੁਜਰਾਲ ਤੋਂ ਇਲਾਵਾ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਲਵਿੰਦਰ ਸਿੰਘ ਭੂੰਦੜ, ਬਸਪਾ ਦੇ ਸਤੀਸ਼ ਮਿਸ਼ਰਾ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ। ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦੇਸ਼ ਦੇ ਕਿਸਾਨਾਂ ਨਾਲ ਦੇਸ਼ ਦਾ ਪ੍ਰਧਾਨ ਮੰਤਰੀ ਹੀ ਅਨਿਆਂ ਕਰ ਰਿਹਾ ਹੈ।  ਆਪ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸੰਸਦ ਦੀ ਕਾਰਵਾਈ ਚੱਲਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਦਨ  ਚ ਪੰਜਾਬ ਨਾਲ ਸਬੰਧਤ ਚਾਰ ਜਾਂ ਪੰਜ ਸੰਸਦ ਮੈਂਬਰਾਂ ਨੂੰ ਛੱਡ ਕੇ ਕਾਂਗਰਸ ਦੇ ਬਾਕੀ ਸਾਰੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਜਾਸੂਸੀ ਦੇ ਮੁੱਦੇ  ਤੇ ਹੀ ਰੌਲਾ ਪਾਉਂਦੇ ਰਹੇ।