image caption:

ਕਵਾਡ ਸੰਮੇਲਨ ਵਿਚ ਹਿੱਸਾ ਲੈਣ ਅਮਰੀਕਾ ਜਾਣਗੇ ਭਾਰਤੀ ਪ੍ਰਧਾਨ ਮੰਤਰੀ ਮੋਦੀ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਆਗਾਮੀ 24 ਸਤੰਬਰ ਨੂੰ ਕਵਾਡ ਦੇ ਮੈਂਬਰ ਦੇਸ਼ਾਂ ਦੇ ਨੇਤਾਵਾਂ ਨਾਲ ਪਹਿਲੇ ਵਿਅਕਤੀਗਤ ਸ਼ਿਖਰ ਸੰਮੇਲਨ ਦੀ ਮੇਜਬਾਨੀ ਕਰਨਗੇ ਅਤੇ 21 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23, 24 ਅਤੇ 25 ਸਤੰਬਰ ਨੂੰ ਅਮਰੀਕਾ ਵਿੱਚ ਰਹਿਣਗੇ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2019 ਵਿੱਚ ਅਮਰੀਕਾ ਦਾ ਦੌਰਾ ਕੀਤਾ ਸੀ। ਤਤਕਾਲੀਨ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਉਨ੍ਹਾਂ ਨੇ ਹਿਊਸਟਨ ਵਿੱਚ ਵੱਡੇ ਪ੍ਰਵਾਸੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਸੀ। ਇਸ ਵਾਰ ਵਾਸ਼ਿੰਗਟਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸਾਲਾ ਉੱਚ ਪੱਧਰੀ ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ ਵਿੱਚ ਹਿੱਸਾ ਲੈਣ ਨਿਊਯਾਰਕ ਵੀ ਜਾਣਗੇ।

ਅਮਰੀਕਾ ਦਾ ਰਾਸ਼ਟਰਪਤੀ ਚੁਣੇ ਜਾਣ ਬਾਅਦ ਜੋਅ ਬਾਇਡਨ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਪਹਿਲੀ ਵਿਅਕਤੀਗਤ ਮੁਲਾਕਾਤ ਹੋਵੇਗੀ। ਦੱਸ ਦੇਈਏ ਕਿ ਇਸ ਕਵਾਡ ਮੀਟਿੰਗ ਨੂੰ ਲੈ ਕੇ ਪਹਿਲਾਂ ਹੀ ਵਿਦੇਸ਼ ਮੰਤਰਾਲੇ ਵੱਲੋਂ ਸੰਕੇਤ ਮਿਲੇ ਸਨ। ਇਸੇ ਸਾਲ ਮਾਰਚ ਵਿੱਚ ਕਵਾਡ ਨੇਤਾਵਾਂ ਦੀ ਵਰਚੁਅਲ ਬੈਠਕ ਹੋਈ ਸੀ ਅਤੇ ਉਨ੍ਹਾਂ ਨੇ ਹਿੰਦ ਪ੍ਰਸ਼ਾਂਤ ਖੇਤਰ ਵਿੱਚ ਚੀਨ ਵੱਲੋਂ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਨਾਲ ਹੀ ਕੋਰੋਨਾ ਵੈਕਸੀਨ ਅਤੇ ਜਲਵਾਯੂ ਨੂੰ ਲੈ ਕੇ ਇਕਜੁੱਟ ਹੋ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਜਤਾਈ ਸੀ। ਦੱਸ ਦੇਈਏ ਕਿ ਹਿੰਦ ਪ੍ਰਸ਼ਾਂਤ ਖੇਤਰ ਵਿੱਚ ਚੀਨ ਵਿਰੁੱਧ ਕਵਾਡ, ਚਾਰ ਦੇਸ਼ਾਂ ਭਾਰਤ, ਅਮਰੀਕਾ, ਆਸਟਰੇਲੀਆ ਅਤੇ ਜਾਪਾਨ ਦਾ ਇੱਕ ਸ਼ਕਤੀਸ਼ਾਲੀ ਸਮੂਹ ਹੈ।