image caption:

ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ਵਿਚ ਰਹਿੰਦੇ ਸਿੱਖਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦੀ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਨਿਖੇਧੀ

 ਚੰਡੀਗੜ੍ਹ: ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਿੱਚ ਰਹਿੰਦੇ ਸਿੱਖਾਂ ਕੋਲੋਂ ਘਰ ਖਾਲੀ ਕਰਵਾਉਣ ਦੇ ਹੁਕਮਾਂ ਮਗਰੋਂ ਸਿੱਖ ਜਗਤ ਅੰਦਰ ਰੋਸ ਹੈ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੇਘਾਲਿਆ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਿਲੌਂਗ ਵਿੱਚ ਇਹ ਸਿੱਖ ਪਰਿਵਾਰ ਕਈ ਦਹਾਕਿਆਂ ਤੋਂ ਰਹਿ ਰਹੇ ਹਨ। ਉਨ੍ਹਾਂ ਨੂੰ ਉੱਥੋਂ ਬਾਹਰ ਕੱਢਿਆ ਜਾਣਾ ਗੈਰ-ਸੰਵਿਧਾਨਕ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਵੇ ਤੇ ਮੇਘਾਲਿਆ ਸਰਕਾਰ ਦੇ ਫ਼ੈਸਲੇ &rsquoਤੇ ਰੋਕ ਲਾਵੇ ਤਾਂ ਜੋ ਸਿੱਖ ਉੱਥੇ ਸੁਖਾਲੇ ਅਤੇ ਸ਼ਾਂਤਮਈ ਢੰਗ ਨਾਲ ਰਹਿ ਸਕਣ।

ਉਧਰ, ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਫੈਸਲੇ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਿਰ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋ ਵਰ੍ਹੇ ਪਹਿਲਾਂ ਪੰਜਾਬ ਸਰਕਾਰ ਦੇ ਵਫਦ ਨੇ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਨੂੰ ਮਿਲ ਕੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਉਜਾੜੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।