image caption:

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਨਾ ਰਣੌਤ ਦੀ ਗ੍ਰਿਫ਼ਤਾਰੀ ਮੰਗੀ

 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਨਾ ਰਣੌਤ  ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਨਾ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ ਹੋ ਸਕਦੇ ਹਨ। ਕੰਗਨਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਮੰਦਭਾਗੀ ਕਾਰਵਾਈ ਦੀ ਤਰਫਦਾਰੀ ਕਰਨੀ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੰਗਨਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ ਨਹੀਂ ਪੜ੍ਹਿਆ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ।