image caption:

ਇਕ ਲੱਖ ਨੌਕਰੀਆਂ, ਕੇਬਲ 100 ਰੁਪਏ 'ਚ ਮਿਲੇਗੀ, ਸਫ਼ਾਈ ਸੇਵਕ ਤੇ ਦਰਜਾ ਚਾਰ ਮੁਲਾਜ਼ਮ ਹੋਣਗੇ ਪੱਕੇ: ਚੰਨੀ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਵਿੱਚੋਂ ਮਾਫੀਆ ਰਾਜ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਦਾ ਐਲਾਨ ਕੀਤਾ ਹੈ। ਚੰਨੀ ਅੱਜ ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿਖੇ ਇਕ ਵਰਕਰ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ।  ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਰੇਤ ਮਾਫੀਆ ਖਤਮ ਕੀਤਾ, ਹੁਣ ਕੇਬਲ ਮਾਫੀਆ ਖਤਮ ਕੀਤਾ ਜਾਵੇਗਾ। ਰੈਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਐਮ ਪੀ ਰਵਨੀਤ ਬਿੱਟੂ ਸਣੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਸੂਬੇ ਵਿੱਚ ਮਾਫੀਆ ਰਾਜ ਨਹੀਂ ਚੱਲਣ ਦੇਣਗੇ। ਪਹਿਲਾਂ ਰੇਤਾ 5.50 ਰੁਪਏ ਪ੍ਰਤੀ ਫੁੱਟ ਕੀਤਾ ਗਿਆ ਅਤੇ ਹੁਣ ਕੇਬਲ 100 ਰੁਪਏ ਵਿਚ ਮਿਲੇਗਾ ਤੇ ਲੋਕਾਂ ਨੂੰ ਇਸ ਤੋਂ ਵੱਧ ਪੈਸੇ ਨਹੀਂ ਦੇਣੇ ਪੈਣਗੇ।

ਉਨ੍ਹਾਂ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਕੇਬਲ ਮਾਫੀਆ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਨੇ ਸਿੱਧੇ ਤੌਰ ਉਤੇ ਬਾਦਲ ਪਰਿਵਾਰ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਟਰਾਂਸਪੋਰਟ ਮਾਫੀਆ ਉਤੇ ਵੱਡੇ ਪੱਧਰ ਉਤੇ ਕਾਰਵਾਈ ਕੀਤੀ ਗਈ ਹੈ। ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੂਬੇ ਦਾ ਸਰਬਪੱਖੀ ਵਿਕਾਸ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਤੇ ਦਰਜਾ ਚਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਲੁਧਿਆਣਾ ਫੇਰੀ ਤੇ ਪਹੁੰਚ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਮੁਕਾਬਲੇ ਪੰਜਾਬ ਦਾ ਮਾਡਲ ਜ਼ਿਆਦਾ ਬਿਹਤਰ ਹੈ।


ਇਸ ਤੋਂ ਪਹਿਲਾਂ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਪੁਰਾਣੇ ਅੰਦਾਜ਼ ਵਿਚ ਬੋਲੇ ਅਤੇ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਵੀ ਘੇਰ ਲਿਆ। ਉਨ੍ਹਾਂ ਨੇ ਜਿੱਥੇ ਰੇਤ ਮਾਫੀਆ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਰੇਤ ਸਸਤੀ ਕਰਨ ਦਾ ਐਲਾਨ ਕੀਤਾ ਹੈ, ਪਰ ਮਾਰਕੀਟ ਵਿੱਚ ਰੇਟ ਅੱਜ ਵੀ ਵੱਧ ਹੈ। ਇਸ ਤਰ੍ਹਾਂ ਇਨਵੈਸਟਮੈਂਟ ਸਮੇਂ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਪੰਜਾਬ ਵਿਚੋਂ ਬਾਹਰ ਜਾ ਚੁੱਕੇ ਉਦਯੋਗਾਂ ਨੂੰ ਵਾਪਸ ਲੈ ਕੇ ਆਉਣਾ ਜ਼ਰੂਰੀ ਹੈ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲਏ ਬਗੈਰ ਵੀ ਵਰ੍ਹੇ ਅਤੇ ਕੇਂਦਰ ਨਾਲ ਮਿਲੀਭੁਗਤ ਰੱਖਣ ਦਾ ਦੋਸ਼ ਲਾਇਆ।