image caption:

65 ਟੋਲ ਪਲਾਜ਼ਾ ਬੰਦ ਹੋਣ ਨਾਲ 2731 ਕਰੋੜ ਦਾ ਮਾਲੀਆ ਨੁਕਸਾਨ ਹੋਇਐ- ਨਿਤਿਨ ਗਡਕਰੀ

ਨਵੀਂ ਦਿੱਲੀ- ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਕਿ ਕਿਸਾਨਾਂ ਦੇ ਪ੍ਰਦਰਸ਼ਨਾਂ ਕਾਰਨ ਅਕਤੂਬਰ 2020 ਤੋਂ ਰਾਸ਼ਟਰੀ ਰਾਜਮਾਰਗਾਂ 'ਤੇ 65 ਟੋਲ ਪਲਾਜ਼ੇ ਬੰਦ ਹੋਣ ਤੋਂ ਬਾਅਦ 2,731 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਇਆ ਹੈ। ਗਡਕਰੀ ਨੇ ਕਿਹਾ ਕਿ ਹਰਿਆਣਾ ਵਿਚ ਸਭ ਤੋਂ ਵੱਧ 1,381 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਇਸ ਤੋਂ ਬਾਅਦ ਪੰਜਾਬ ਵਿਚ 1,269 ਕਰੋੜ ਰੁਪਏ ਅਤੇ ਰਾਜਸਥਾਨ ਵਿਚ 142 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਟੋਲ ਪਲਾਜ਼ੇ ਬੰਦ ਹਨ।

ਉਨ੍ਹਾਂ ਕਿਹਾ ਕਿ ਅਕਤੂਬਰ 2020 ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਦਾ ਅਸਰ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੀ ਪਿਆ। ਕਿਸਾਨਾਂ ਦੇ ਅੰਦੋਲਨ ਕਾਰਨ ਕੁੱਲ ਮਿਲਾ ਕੇ 60-65 ਟੋਲ ਪਲਾਜ਼ੇ ਪ੍ਰਭਾਵਿਤ ਹੋਏ, ਜਿਸ ਕਾਰਨ ਟੋਲ ਵਸੂਲੀ ਦਾ ਨੁਕਸਾਨ ਹੋਇਆ। ਗਡਕਰੀ ਨੇ ਕਿਹਾ ਕਿ ਮੰਤਰਾਲੇ ਅਤੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਨੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਅਤੇ ਟੋਲ ਉਗਰਾਹੀ ਏਜੰਸੀਆਂ ਦੀ ਮਦਦ ਨਾਲ ਪ੍ਰਭਾਵਿਤ ਟੋਲ ਪਲਾਜ਼ਿਆਂ ਨੂੰ ਚਾਲੂ ਕਰਨ ਲਈ ਲਗਾਤਾਰ ਯਤਨ ਕੀਤੇ ਹਨ।