image caption: -ਰਜਿੰਦਰ ਸਿੰਘ ਪੁਰੇਵਾਲ

ਪਰਵਾਸੀ ਪੰਜਾਬੀਆਂ ਸਮੱਸਿਆਵਾਂ ਤੇ ਨੋਡਲ ਅਧਿਕਾਰੀ ਦੀ ਨਿਯੁਕਤੀ ਬਨਾਮ ਆਪ ਸਰਕਾਰ

ਹੁਣੇ ਜਿਹੇ ਪੰਜਾਬ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਨੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਪਰਵਾਸੀ ਭਾਰਤੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ| ਉਨ੍ਹਾਂ ਅਨੁਸਾਰ  ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣਗੀਆਂ ਤਾਂ ਕਿ ਪਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ|  ਯਾਦ ਰਹੇ ਕਿ ਹੁਣ ਤਕ ਕਿਸੇ ਵੀ ਸਰਕਾਰ ਨੇ ਸਧਾਰਨ ਪ੍ਰਵਾਸੀ ਪੰਜਾਬੀ ਦਾ ਕੁਝ ਨਹੀਂ ਸੰਵਾਰਿਆ| 
ਪ੍ਰਵਾਸੀ ਪੰਜਾਬੀਆਂ ਦੇ ਮਸਲੇ ਬਹੁਤ ਵਡੇ ਹਨ| ਇਹ ਮਸਲੇ ਜਿਥੇ ਉਹਨਾ ਦੀ ਜਾਇਦਾਦ ਨਾਲ ਜੁੜੇ ਹੋਏ ਹਨ, ਉਥੇ ਉਹਨਾਂ ਦੀ ਭਾਰਤ ਫੇਰੀ ਦੌਰਾਨ ਉਹਨਾਂ ਨਾਲ ਹੁੰਦੇ ਵਿਵਹਾਰ, ਉਹਨਾ ਦੇ ਜੀਵਨ ਦੀ ਸੁਰਖਿਆ, ਉਹਨਾਂ ਵਲੋਂ ਉਦਯੋਗ ਜਾਂ ਵਿਉਪਾਰ ਵਿਚ ਲਗਾਏ ਗਏ ਜਾਂ ਜਾਣ ਵਾਲੇ ਧਨ ਨਾਲ ਜੁੜੇ ਹੋਏ ਹਨ ਤੇ ਉਹਨਾਂ ਦੇ ਬਚਿਆਂ ਦੇ ਭਵਿਖ ਨਾਲ ਵੀ ਜਿਹੜੇ ਭਾਰਤ ਦੀ ਭੈੜੀ ਸਿਆਸੀ, ਸਮਾਜਿਕ, ਆਰਥਿਕ ਸਥਿਤੀ ਕਾਰਨ ਦੇਸ਼ ਵਲ ਨੂੰ ਮੂੰਹ ਵੀ ਨਹੀਂ ਕਰਨਾ ਚਾਹੁੰਦੇ|
ਪਿਛਲੇ ਪੰਜਾਹ ਵਰ੍ਹਿਆਂ ਦੌਰਾਨ ਹਜ਼ਾਰਾਂ ਪੰਜਾਬੀਆਂ ਚੰਗੇਰੇ ਭਵਿਖ ਲਈ ਆਪਣਾ ਘਰ-ਬਾਰ ਛਡਿਆ ਹੈ| ਭਾਵੇਂ ਕਿ ਪੰਜਾਬੀਆਂ ਦੇ ਪ੍ਰਵਾਸ ਦੀ ਕਹਾਣੀ ਵੀਹਵੀਂ ਸਦੀ ਦੇ ਪਹਿਲੇ ਦਹਾਕੇ ਤੋਂ ਸ਼ੁਰੂ ਹੁੰਦੀ ਹੈ ਪਰ ਅਸਲ ਵਿਚ 1960 ਤੋਂ ਬਾਅਦ ਜਿਆਦਾ ਪੰਜਾਬੀਆਂ ਨੇ ਪੰਜਾਬੋਂ ਤੋਰੇ ਪਾਏ, ਆਪਣੇ ਪਿਛੇ ਰਹੇ ਪਰਿਵਾਰਾਂ ਦੀਆਂ ਤੰਗੀਆਂ-ਤੁਰਸ਼ੀਆਂ ਦੂਰ ਕਰਨ ਲਈ ਸਿਰਤੋੜ ਯਤਨ ਕੀਤੇ| ਪੰਜਾਬ ਵਿਚ ਜ਼ਮੀਨਾਂ-ਜਾਇਦਾਦਾਂ ਦੀ ਸਾਂਭ-ਸੰਭਾਲ ਉਹਨਾ ਦੇ ਜੀਅ ਦਾ ਜੰਜਾਲ ਬਣ ਗਈ| ਪਿਛੇ ਰਹੇ ਕੁਝ ਰਿਸ਼ਤੇਦਾਰਾਂ, ਕੁਝ ਦੋਸਤਾਂ-ਮਿਤਰਾਂ, ਸੰਗੀਆਂ-ਸਾਥੀਆਂ ਉਹਨਾ ਨਾਲ ਠਗੀਆਂ-ਠੋਰੀਆਂ ਕੀਤੀਆਂ| ਜਾਅਲੀ ਮੁਖਤਾਰਨਾਮੇ ਤਿਆਰ ਕਰਕੇ, ਜਾਅਲੀ ਬੰਦੇ ਖੜੇ ਕਰਕੇ ਉਹਨਾ ਦੀਆਂ ਜ਼ਮੀਨਾਂ-ਜਾਇਦਾਦਾਂ ਹਥਿਆ ਲਈਆਂ ਜਾਂ ਹਥਿਆਉਣ ਦਾ ਯਤਨ ਕੀਤਾ| 
ਇਹਨਾਂ ਮਸਲਿਆਂ ਸਬੰਧ ਸੈਂਕੜੇ ਨਹੀਂ ਹਜ਼ਾਰਾਂ ਕੇਸ ਪੁਲਿਸ, ਅਦਾਲਤਾਂ ਕੋਲ ਇਨਸਾਫ ਦੀ ਉਡੀਕ ਵਿਚ ਵਰ੍ਹਿਆਂ ਤੋਂ ਪਏ ਹਨ| ਕਈ ਵੇਰ ਜਦੋਂ ਪ੍ਰਵਾਸੀ ਆਪਣੀਆਂ ਜਾਇਦਾਦਾਂ ਦੀ ਦੇਖ-ਭਾਲ, ਸੰਭਾਲ ਜਾਂ ਕੇਸਾਂ ਸਬੰਧੀ ਜਾਣਕਾਰੀ ਲਈ ਦੇਸ਼ ਪਰਤਦੇ ਹਨ ਤਾਂ ਭੂ-ਮਾਫੀਏ ਨਾਲ ਜੁੜੇ ਲੋਕ ਉਹਨਾ ਨੂੰ ਡਰਾ ਕੇ, ਧਮਕਾ ਕੇ, ਉਹਨਾ ਨਾਲ ਜ਼ਮੀਨੀ ਸੌਦੇ ਕਰਦੇ ਹਨ| ਕਾਨੂੰਨ ਤੋਂ ਉਲਟ ਜਾਕੇ, ਪ੍ਰਵਾਸੀਆਂ ਨੂੰ ਬਿਨ੍ਹਾਂ ਦਸੇ ਉਹਨਾ ਤੋਂ ਅਸ਼ਟਾਮਾਂ ਜਾਂ ਹੋਰ ਕਾਗਜ਼ਾਂ ਉਤੇ ਦਸਤਖ਼ਤ ਕਰਵਾਕੇ ਸਰਕਾਰੀ ਮਿਲੀ ਭੁਗਤ ਨਾਲ ਉਹਨਾ ਦੀ ਕਰੋੜਾਂ ਜਾਇਦਾਦ ਕੌਡੀਆਂ ਦੇ ਭਾਅ ਲੁਟ ਲੈਂਦੇ ਹਨ| 
ਐਨ. ਆਰ. ਆਈ. ਥਾਣਿਆਂ ਤੇ ਐਨ.ਆਰ.ਆਈ. ਅਦਾਲਤਾਂ ਦੀ ਕਾਰਗੁਜ਼ਾਰੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ| ਇਸ ਵੇਲੇ ਦੇਸ਼ ਦੇ ਬਾਕੀ ਹਿਸਿਆਂ ਨਾਲੋਂ ਵਧ ਪੰਜਾਬ ਦੇ ਲੋਕ ਪ੍ਰਵਾਸ ਦੇ ਰਾਹ ਪਏ ਹੋਏ ਹਨ| ਪੰਜਾਬੀ ਵਿਦਿਆਰਥੀ ਧੜਾ ਧੜ ਪੜ੍ਹਾਈ ਕਰਨ ਅਤੇ ਉਥੇ ਪਕੀ ਰਿਹਾਇਸ਼ ਕਰਨ ਲਈ ਤਤਪਰ ਹਨ ਅਤੇ ਨਿਤ ਪੰਜਾਬ ਛਡ ਰਹੇ ਹਨ| ਉਹਨਾਂ ਨੂੰ ਪੰਜਾਬ ਆਪਣਿਆਂ ਲਈ ਸੁਰਖਿਅਤ ਨਹੀਂ ਦਿਸਦਾ| ਪਰ ਇਸ ਸਭ ਕੁਝ ਦੇ ਬਾਵਜੂਦ ਉਹ ਆਪਣੀ ਜਨਮ ਭੂਮੀ, ਪੰਜਾਬ ਦੀ ਨਸ਼ਿਆਂ, ਬੇਰੁਜ਼ਗਾਰੀ, ਹਫਰਾ-ਤਫੜੀ ਨਾਲ ਮਾਰੀ, ਨਸ਼ਾ-ਭੂ ਮਾਫੀਆ, ਅਫ਼ਸਰਸ਼ਾਹੀ ਅਤੇ ਸਿਆਸੀ ਲੋਕਾਂ ਦੀ ਤਿਕੜੀ ਦੀ ਜਕੜ ਵਿਚ ਆਈ ਪੰਜਾਬ ਦੀ ਧਰਤੀ ਉਤੇ ਪੈਰ ਰਖਣੋਂ ਆਕੀ ਹਨ| ਦੇਸ਼ ਦੀ ਕੇਂਦਰੀ ਸਰਕਾਰ ਕਹਿਣ ਨੂੰ ਤਾਂ ਉਹਨਾਂ ਲਈ ਅੰਮ੍ਰਿਤਸਰ, ਚੰਡੀਗੜ੍ਹ ਵਿਚ ਅੰਤਰਰਾਸ਼ਟਰੀ ਹਵਾਈ ਅਡੇ ਬਨਾਉਣ ਦਾ ਦਮ ਭਰਦੀ ਹੈ, ਪਰ ਇਹਨਾ ਹਵਾਈ ਅਡਿਆਂ ਉਤੋਂ ਅੰਤਰਰਾਸ਼ਟਰੀ ਉਡਾਣਾਂ ਭਰਨ ਦੀ ਆਗਿਆ ਨਹੀਂ ਦਿੰਦੀ ਅਤੇ ਉਹਨਾਂ ਨੂੰ ਆਪਣੇ ਪਿੰਡ, ਆਪਣੇ ਸ਼ਹਿਰ ਪੁਜਣ ਲਈ 24 ਘਟੇ ਤੋਂ 36 ਤਕ ਬੇ-ਘਰੇ ਹੋ ਕੇ, ਪਹਿਲਾ ਹਵਾ ਵਿਚ ਫਿਰ ਦਿਲੀ ਤੋਂ ਘਰ ਵਾਲੀਆਂ ਆਉਂਦੀਆਂ ਘਟੀਆ ਸੜਕਾਂ ਤੇ ਹੀ ਨਹੀਂ ਲਟਕਣਾ ਪੈਂਦਾ, ਸਗੋਂ ਦਿਲੀ ਹਵਾਈ ਅਡੇ ਉਤੇ ਕੁਰਖਤ ਬੋਲਾਂ, ਸ਼ਕੀ ਨਜ਼ਰਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ|
ਉਹ ਜਦੋਂ ਪੰਜਾਬ ਵਿਚ ਆਪਣਾ ਉਦਯੋਗ ਖੋਲ੍ਹਦੇ ਹਨ, ਕਾਰੋਬਾਰ ਕਰਨਾ ਚਾਹੁੰਦੇ ਹਨ, ਉਹ ਇਥੇ ਹੁੰਦੇ ਵਿਵਹਾਰ ਅਤੇ ਇੰਸਪੈਕਟਰੀ ਰਾਜ ਦੀਆਂ ਜਿਆਦਤੀਆਂ ਤੋਂ ਤੰਗ ਆਕੇ ਆਪਣੇ ਕੰਮ, ਆਪਣੇ ਕਾਰੋਬਾਰ ਸਮੇਟ ਮੁੜ ਪ੍ਰਵਾਸ ਹੰਡਾਉਣ ਲਈ ਹੋ ਤੁਰਦੇ ਹਨ| ਮੁਹਾਲੀ, ਜਲੰਧਰ, ਲੁਧਿਆਣਾ ਵਰਗੇ ਸ਼ਹਿਰਾਂ ਵਿਚ ਉਦਯੋਗ ਚਲਾਉਣ ਲਈ ਕਈ ਪ੍ਰਵਾਸੀ ਪੰਜਾਬੀਆਂ ਹਥ ਅਜਮਾਏ, ਪਰ ਸਰਕਾਰੀ ਸੁਸਤੀ ਅਤੇ ਉਦਾਸੀਨਤਾ ਦਾ ਸ਼ਿਕਾਰ ਹੋ ਕਰੋੜਾਂ ਰੁਪਏ ਗੁਆ ਬੈਠੇ| ਕੀ ਆਪ ਸਰਕਾਰ ਕੋਲ ਇਸ ਦਾ ਹਲ ਹੈ|
-ਰਜਿੰਦਰ ਸਿੰਘ ਪੁਰੇਵਾਲ