image caption:

ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ &rsquoਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਈ ਕੰਮ ਅਜਿਹੇ ਹਨ, ਜਿਸ ਨੂੰ ਸਿਰਫ਼ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੁੰਦਾ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾ ਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ &rsquoਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐਸਸੀ ਸਕਾਲਰਸ਼ਿਪ ਜੋ ਸਰਕਾਰ ਵੱਲ ਰੁਕੀ ਹੋਈ ਹੈ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।