image caption:

ਖਹਿਰਾ ਨੇ ਪੰਜਾਬ 'ਚ ਮੂੰਗੀ ਦੇ ਕਾਸ਼ਤਕਾਰਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ 'ਚ ਨਾਕਾਮ ਰਹਿਣ 'ਤੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਿਆ

 
ਚੰਡੀਗੜ੍ਹ,  (ਰਾਜ ਗੋਗਨਾ )&mdashਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ, ਅਤੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੇ ਦਾਲਾਂ ਉਗਾਉਣ ਵਾਲੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਣ ਵਿੱਚ ਨਾਕਾਮ ਰਹਿਣ ਲਈ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਫਸਲੀ ਵਿਭਿੰਨਤਾ ਦੀ ਗੱਲ ਤਾਂ ਜ਼ੋਰ-ਸ਼ੋਰ ਨਾਲ ਕਰ ਰਹੀ ਹੈ ਪਰ ਮੂੰਗੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਸਮਰਥਨ ਵਿੱਚ ਆਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ।ਪੰਜਾਬ ਵਿੱਚ ਰਿਕਾਰਡ ਮਾਤਰਾ ਵਿੱਚ ਮੂੰਗੀ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਦੀ ਤਾਰੀਫ਼ ਕਰਦਿਆਂ ਖਹਿਰਾ ਨੇ ਨਿੱਜੀ ਕੰਪਨੀਆਂ ਵੱਲੋਂ ਉਤਪਾਦ ਦਾ ਵੱਡਾ ਹਿੱਸਾ ਖੋਹਣ 'ਤੇ ਗੰਭੀਰ ਚਿੰਤਾ ਪ੍ਰਗਟਾਈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਦਾ ਵਾਅਦਾ ਨਾ ਪੂਰਾ ਕਰਕੇ ਸੂਬੇ ਦੇ ਮਿਹਨਤੀ ਕਿਸਾਨਾਂ ਨੂੰ ਫੇਲ੍ਹ ਕੀਤਾ ਹੈ। ਇਸ ਵਾਰ ਚਾਰ ਲੱਖ ਕੁਇੰਟਲ ਤੋਂ ਵੱਧ ਮੂੰਗੀ ਦਾ ਉਤਪਾਦਨ ਹੋਇਆ ਹੈ, ਜਿਸ ਵਿੱਚੋਂ 85 ਫੀਸਦੀ ਤੋਂ ਵੱਧ ਨਿੱਜੀ ਕੰਪਨੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਬਹੁਤ ਘੱਟ ਕੀਮਤ 'ਤੇ ਖਰੀਦਿਆ ਹੈ।ਖਹਿਰਾ ਨੇ ਕਿਹਾ ਕਿ 'ਆਪ' ਸਰਕਾਰ ਨੇ ਇਸ ਮਾਮਲੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਅਤੇ ਕਾਂਗਰਸ ਇਸ ਦੀ ਚੁੱਪ ਗਵਾਹ ਨਹੀਂ ਰਹੇਗੀ। "ਜੇਕਰ ਲੋੜ ਪਈ ਤਾਂ ਕਾਂਗਰਸ ਕਿਸਾਨਾਂ ਦੇ ਸਮਰਥਨ ਵਿੱਚ ਅੰਦੋਲਨ ਸ਼ੁਰੂ ਕਰੇਗੀ ਤਾਂ ਜੋ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਵਿੱਚ ਮਦਦ ਕੀਤੀ ਜਾ ਸਕੇ"।