image caption:

ਦੇਸ਼ ਵੰਡ ਵੇਲੇ ਮਾਰੇ ਗਏ ਪੰਜਾਬੀਆਂ ਨੂੰ ਅਕਾਲ ਤਖ਼ਤ ਵਿਖੇ ਦਿੱਤੀ ਜਾਵੇਗੀ ਸ਼ਰਧਾਂਜਲੀ

 ਅੰਮ੍ਰਿਤਸਰ- ਦੇਸ਼ ਦੀ ਵੰਡ ਵੇਲੇ ਮਾਰੇ ਗਏ ਦਸ ਲੱਖ ਪੰਜਾਬੀਆਂ ਨੂੰ ਇਸ ਵਾਰ ਅਕਾਲ ਤਖ਼ਤ ਵਿਖੇ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਸਬੰਧੀ 14 ਅਗਸਤ ਨੂੰ ਅਖੰਡ ਪਾਠ ਆਰੰਭੇ ਜਾਣਗੇ ਅਤੇ 16 ਅਗਸਤ ਨੂੰ ਸਮਾਪਤੀ ਮੌਕੇ ਸਮੂਹਿਕ ਅਰਦਾਸ ਕੀਤੀ ਜਾਵੇਗੀ। ਇਹ ਜਾਣਕਾਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਦੇਸ਼ ਵੰਡ ਵੇਲੇ ਮਾਰੇ ਗਏ ਪੰਜਾਬੀਆਂ ਦੀ ਯਾਦ &rsquoਚ 10 ਤੋਂ 16 ਅਗਸਤ ਤੱਕ ਮੂਲ ਮੰਤਰ ਅਤੇ ਜਪੁਜੀ ਸਾਹਿਬ ਦੇ ਪਾਠ ਕਰਨ ਲਈ ਕਿਹਾ ਹੈ। ਇਸ ਦੌਰਾਨ ਉਨ੍ਹਾਂ 16 ਅਗਸਤ ਨੂੰ ਅਕਾਲ ਤਖ਼ਤ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੰਡ ਵੇਲੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਿੰਦੂ ਭਾਈਚਾਰੇ ਦੇ ਲੋਕ ਵੀ ਆਪਣੇ ਵਡੇਰਿਆਂ ਦੀ ਯਾਦ ਵਿੱਚ 10 ਤੋਂ 16 ਅਗਸਤ ਤਕ ਆਪਣੇ ਧਾਰਮਿਕ ਸਥਾਨਾਂ &rsquoਤੇ ਪ੍ਰਾਰਥਨਾ ਕਰਨ।
ਦੇਸ਼ ਵੰਡ ਵੇਲੇ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੀ ਯਾਦ &rsquoਚ ਸਮੂਹਿਕ ਅਰਦਾਸ ਕਰਨ ਦੇ ਫ਼ੈਸਲੇ ਦੀ ਵੱਖ-ਵੱਖ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਜਨਰਲ ਸਕੱਤਰ ਸਤੀਸ਼, ਵਿੱਤ ਸਕੱਤਰ ਹਰਜੀਤ ਸਰਕਾਰੀਆ, ਕਮਲ ਗਿੱਲ, ਹਰਜਿੰਦਰ ਕੌਰ ਕੰਗ, ਕਰਮਜੀਤ ਕੌਰ ਜੱਸਲ, ਹਿੰਦ-ਪਾਕਿ ਦੋਸਤੀ ਮੰਚ ਦੇ ਪ੍ਰਧਾਨ ਸਈਦਾ ਹਮੀਦ, ਜਨਰਲ ਸਕੱਤਰ ਸਤਨਾਮ ਮਾਣਕ, ਪ੍ਰਗਤੀਸ਼ੀਲ ਲੇਖਕ ਸੰਘ ਕੁਲ ਹਿੰਦ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਜੱਜ ਨੇ ਸਾਂਝੇ ਬਿਆਨ &rsquoਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।