image caption:

ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਰੱਦ

 ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਚੰਡੀਗੜ੍ਹ &rsquoਚ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਮਗਰੋਂ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸਾਫ ਤੌਰ &rsquoਤੇ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ।
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਸ ਕੀਤੇ ਗਏ ਮਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਦੋ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਨਿਰੋਲ ਸਿਆਸੀ ਹੈ ਅਤੇ ਫੈਸਲਾ ਸੁਣਾਉਣ ਵਾਲੇ ਜੱਜਾਂ ਵਿੱਚੋਂ ਇਕ ਜੱਜ ਆਰਐਸਐਸ ਨਾਲ ਸਿੱਧੇ ਤੌਰ &rsquoਤੇ ਜੁੜਿਆ ਹੋਇਆ ਹੈ। ਲਿਹਾਜ਼ਾ ਇਹ ਫੈਸਲਾ ਸੁਪਰੀਮ ਕੋਰਟ ਦਾ ਨਾ ਹੋ ਕੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਪਾਸ ਹੈ ਅਤੇ ਉਹ ਵੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਨਜ਼ੂਰੀ ਨਾਲ ਹੀ ਸੰਭਵ ਹੈ। ਸਿੱਖ ਗੁਰਦੁਆਰਾ ਐਕਟ 1925 &rsquoਚ ਸੋਧ ਦੀ ਮਰਯਾਦਾ ਨਿਰਧਾਰਤ ਹੋਣ ਕਰਕੇ ਸੂਬਾ ਸਰਕਾਰਾਂ ਇਸ ਦਾ ਅਧਿਕਾਰ ਖੇਤਰ ਨਹੀਂ ਘਟਾ ਸਕਦੀਆਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਜੱਜ ਦੇ ਆਰਐਸਐਸ ਨਾਲ ਸਬੰਧ ਹੋਣ ਦੇ ਉਨ੍ਹਾਂ ਪਾਸ ਸਬੂਤ ਮੌਜੂਦ ਹਨ ਅਤੇ ਜਲਦ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ &rsquoਤੇ ਰੀਵਿਊ ਪੁਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।