image caption:

ਪੰਜਾਬ ਕਾਂਗਰਸ ਨੇ 19 ਨਵੰਬਰ ਨੂੰ 'ਜਿੱਤ ਦਿਵਸ' ਮਨਾਉਣ ਲਈ ਕਿਸਾਨਾਂ ਨੂੰ ਸਮਰਥਨ ਦਿੱਤਾ

 ਪੰਜਾਬ ਕਾਂਗਰਸ ਨੇ ਕਿਸਾਨਾਂ ਵੱਲੋਂ ਤਿੰਨ ਵਿਵਾਦਤ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਇੱਕ ਸਾਲ ਪੂਰੇ ਹੋਣ 'ਤੇ 19 ਨਵੰਬਰ ਨੂੰ ਮਨਾਏ ਜਾ ਰਹੇ 'ਜਿੱਤ ਦਿਵਸ' ਨੂੰ ਪੂਰਾ ਸਮਰਥਨ ਦਿੱਤਾ ਹੈ। ਪਾਰਟੀ ਨੇ ਕਿਸਾਨਾਂ ਨੂੰ 'ਜਿੱਤ ਦਿਵਸ' ਦੇ ਨਾਲ-ਨਾਲ 'ਧੋਖਾ ਦਿਵਸ' ਮਨਾਉਣ ਦੀ ਵੀ ਸਲਾਹ ਦਿੱਤੀ ਹੈ, ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਅਤੇ ਧਰਨਾ ਖਤਮ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿੱਥੇ 19 ਨਵੰਬਰ ਨੂੰ ਹਮੇਸ਼ਾ ਹੀ ਜਿੱਤ ਦੇ ਦਿਨ ਵਜੋਂ ਮਨਾਇਆ ਜਾਵੇਗਾ, ਉੱਥੇ ਹੀ ਇਹ ਵਿਸ਼ਵਾਸਘਾਤ ਦਾ ਦਿਨ ਵੀ ਸੀ, ਕਿਉਂਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਸਰਾਸਰ ਧੋਖਾ ਕੀਤਾ ਹੈ।ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਦੀ ਤਰ੍ਹਾਂ ਕਿਸਾਨਾਂ ਦੀ ਹਮਾਇਤ ਕਰੇਗੀ ਅਤੇ ਇੱਕ ਸਾਲ ਪਹਿਲਾਂ ਭਾਰਤ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਹੋਣ ਤੱਕ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਨੂੰ ਪਿੱਛੇ ਨਹੀਂ ਹਟਣ ਦੇਵਾਂਗੇ, ਭਾਵੇਂ ਕੁਝ ਵੀ ਹੋ ਜਾਵੇ।

ਉਨ੍ਹਾਂ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੁੱਪ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 'ਆਪ' ਪਿਛਲੇ 8 ਮਹੀਨਿਆਂ ਤੋਂ ਪੰਜਾਬ 'ਚ ਸੱਤਾ 'ਤੇ ਕਾਬਜ਼ ਹੈ ਪਰ ਇਸ ਦੌਰਾਨ ਇਸਨੇ ਕਦੇ ਵੀ ਭਾਰਤ ਸਰਕਾਰ ਕੋਲ ਮਾਮਲਾ ਨਹੀਂ ਉਠਾਇਆ।

ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇ ਪਰ ਅਫਸੋਸ ਦੀ ਗੱਲ ਹੈ ਕਿ ਇਹ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸਨੇ ਦਿੱਲੀ ਦੀਆਂ ਹੱਦਾਂ ਤੋਂ ਧਰਨਾ ਹਟਾਉਣ ਸਮੇਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਵੀ ਪੱਤਰ ਨਹੀਂ ਲਿਖਿਆ।