image caption:

ਦਲ ਖਾਲਸਾ ਵੱਲੋਂ ਫਿਲਮ ‘ਦਾਸਤਾਨ-ਏ-ਸਰਹਿੰਦ’ ਦਾ ਵਿਰੋਧ

ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਗਈ ਹੈ ਕਿ ਫਿਲਮ &lsquoਦਾਸਤਾਨ-ਏ-ਸਰਹਿੰਦ&rsquo ਨੂੰ ਰੱਦ ਕਰਦਿਆਂ ਇਸ ਨੂੰ ਰਿਲੀਜ਼ ਹੋਣ ਤੋਂ ਰੋਕਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਭਵਿੱਖ ਵਿੱਚ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਦਿਖਾਉਣ ਵਾਲੀ ਕੋਈ ਵੀ ਫਿਲਮ ਬਣਾਉਣ ਤੋਂ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ 2 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਚੁੱਕੀ ਹੈ। ਸਿੱਖ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰ ਕੇ ਬਣੀ ਅਤੇ ਵਿਵਾਦਾਂ ਵਿੱਚ ਘਿਰੀ ਇਸ ਫਿਲਮ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਐਨੀਮੇਸ਼ਨ ਰਾਹੀਂ ਫਿਲਮਾਇਆ ਗਿਆ ਹੈ, ਜੋ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਹੈ। ਵਫ਼ਦ ਦੇ ਮੈਂਬਰ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਸਿੱਖ ਆਗੂਆਂ ਨੇ ਫਿਲਮ ਦੇ ਨਿਰਦੇਸ਼ਕ ਨਵੀ ਸਿੱਧੂ ਨਾਲ ਵੀ ਫੋਨ &rsquoਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਫਿਲਮ ਵਾਪਸ ਲੈਣ ਲਈ ਕਿਹਾ ਹੈ, ਜਿਸ ਬਾਰੇ ਨਿਰਦੇਸ਼ਕ ਨੇ ਇੱਕ-ਦੋ ਦਿਨਾਂ ਤੱਕ ਫ਼ੈਸਲਾ ਕਰਨ ਦੀ ਗੱਲ ਕਹੀ ਹੈ। ਇਸ ਮਗਰੋਂ ਸਿੱਖ ਜਥੇਬੰਦੀ ਵੱਲੋਂ ਫਿਲਮ ਨਿਰਦੇਸ਼ਕ ਨੂੰ ਮੰਗਲਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜੇ ਉਦੋਂ ਤੱਕ ਫਿਲਮ ਵਾਪਸ ਨਹੀਂ ਲਈ ਜਾਂਦੀ ਤਾਂ ਫਿਲਮ ਦੇ ਨਿਰਮਾਤਾਵਾਂ ਖ਼ਿਲਾਫ਼ ਪ੍ਰੋਗਰਾਮ ਉਲੀਕਿਆ ਜਾਵੇਗਾ।