image caption:

ਪਰਵਾਸੀ ਪੰਜਾਬੀਆਂ ਦੀ ਸ਼ਿਕਾਇਤਾਂ ਲਈ ਪੰਜਾਬ ਸਰਕਾਰ ਨੇ ਵੱਟਸਐਪ ਨੰਬਰ ਕੀਤਾ ਜਾਰੀ

 ਚੰਡੀਗੜ੍ਹ : ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ਵਿੱਚ ਐਨਆਰਆਈ ਕੰਟਰੋਲ ਰੂਮ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰਵਾਸੀ ਪੰਜਾਬੀ ਨੂੰ ਪੰਜਾਬ ਵਿੱਚ ਕੋਈ ਵੀ ਸਮੱਸਿਆ ਆ ਰਹੀ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਦਰਜ ਕਰਵਾਉਣ।

ਇਸ ਦੌਰਾਨ ਧਾਲੀਵਾਲਾ ਦੇ ਨਾਲ ਐਨਆਰਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰੁਗਨ ਅਤੇ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਵੀ ਮੌਜੂਦ ਸਨ। ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਵਟਸਐਪ ਨੰਬਰ (93093-88088) &rsquoਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗ ਜਾਂ ਅਧਿਕਾਰੀ ਨੂੰ ਸ਼ਿਕਾਇਤ ਭੇਜ ਕੇ ਫਾਲੋ-ਅੱਪ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਦਾ ਫੀਡਬੈਕ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਮੌਕੇ &rsquoਤੇ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਿਕਾਇਤਕਰਤਾਵਾਂ ਨਾਲ ਫੋਨ &rsquoਤੇ ਗੱਲ ਕੀਤੀ, ਜਿਨ੍ਹਾਂ ਨੇ ਐਨ.ਆਰ.ਆਈ ਸੰਮੇਲਨ ਦੌਰਾਨ ਆਪਣੀਆਂ ਸਮੱਸਿਆਵਾਂ ਦੱਸੀਆਂ ਜਾਂ ਕੰਟਰੋਲ ਰੂਮ &rsquoਚ ਦਰਜ ਕਰਵਾਈਆਂ ਸਨ। ਮੰਤਰੀ ਧਾਲੀਵਾਲ ਨੇ ਮੌਕੇ &rsquoਤੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਦਾਲਤ ਵਿੱਚ ਵਿਚਾਰ ਅਧੀਨ ਮਾਮਲਿਆਂ ਨੂੰ ਛੱਡ ਕੇ ਬਾਕੀ ਸਾਰੇ ਮਾਮਲਿਆਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਇਸ ਦੇ ਨਾਲ ਹੀ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਮੰਤਰੀ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਵੱਲੋਂ ਇਹ ਉਪਰਾਲੇ ਕੀਤੇ ਜਾ ਰਹੇ ਹਨ ਕਿ ਵਿਦੇਸ਼ਾਂ ਵਿੱਚ ਜਾ ਕੇ ਕਾਮਯਾਬੀ ਹਾਸਲ ਕਰਨ ਵਾਲੇ ਪੰਜਾਬੀਆਂ ਦਾ ਵੀ ਆਪਣੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਇਆ ਜਾਵੇ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਪ੍ਰਵਾਸੀ ਭਾਰਤੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।