image caption:

ਜਲੰਧਰ ‘ਚ ਗੰਨ ਕਲਚਰ ਖ਼ਿਲਾਫ਼ ਕਾਰਵਾਈ, 538 ਅਸਲਾ ਲਾਇਸੈਂਸ ਕੀਤੇ ਰੱਦ

 ਜਲੰਧਰ ਜ਼ਿਲ੍ਹੇ ਵਿੱਚ ਗੰਨ ਕਲਚਰ ਖ਼ਿਲਾਫ਼ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਕਾਰਵਾਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵਿਅਕਤੀਆਂ ਨੂੰ ਜਾਰੀ ਕੀਤੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ, ਜਿਸ ਤੋਂ ਬਾਅਦ ਇਹ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ ਰੱਦ ਕੀਤੇ ਗਏ 538 ਲਾਈਸੈਂਸਾਂ ਵਿੱਚੋਂ 362 ਲਾਇਸੈਂਸ ਨਵਿਆਉਣ ਦੀ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟਾਂ ਕਾਰਨ ਮੁਅੱਤਲ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਾਕੀ 176 ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 101 ਅਸਲੇ ਦੇ ਲਾਇਸੈਂਸ ਨੂੰ ਲਾਇਸੈਂਸ ਧਾਰਕਾਂ ਦੀ ਮੌਤ ਹੋਣ ਕਾਰਨ ਰੱਦ ਕੀਤੇ ਗਏ ਹਨ। 25 ਕੇਸਾਂ ਵਿੱਚ ਲਾਇਸੰਸਧਾਰੀ ਦੇਸ਼ ਛੱਡ ਕੇ ਵਿਦੇਸ਼ ਵਿੱਚ ਵਸ ਗਏ ਹਨ। ਜਦੋਂ ਕਿ ਰੀ-ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ 50 ਮਾਮਲਿਆਂ ਵਿੱਚ ਪੁਲਿਸ ਰਿਪੋਰਟ ਨੈਗੇਟਿਵ ਪਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਨੂੰ ਵੀ ਅਮਨ-ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਆਪਣੇ ਲਾਇਸੰਸੀ ਹਥਿਆਰਾਂ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।