image caption:

ਅੰਮ੍ਰਿਤਪਾਲ ਦੇ ਪੰਜ ਸਾਥੀਆਂ 'ਤੇ ਲੱਗਿਆ ਰਾਸ਼ਟਰੀ ਸੁਰੱਖਿਆ ਐਕਟ (NSA)

 ਪੰਜਾਬ ਪੁਲਿਸ ਨੇ ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਨੇ ਪੰਜ ਮੈਂਬਰਾਂ ਖ਼ਿਲਾਫ਼ NSA ਲਗਾਇਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਆਈਐਸਆਈ ਕੁਨੈਕਸ਼ਨ ਅਤੇ ਵਿਦੇਸ਼ੀ ਫੰਡਿੰਗ ਦਾ ਸ਼ੱਕ ਹੈ।

ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਜਲੰਧਰ 'ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ ਜਦਕਿ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਲੱਗੀ ਹੋਈ ਹੈ। ਪੁਲਿਸ ਨੇ ਉਸ ਨੂੰ ਫੜਨ ਲਈ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਐਤਵਾਰ ਰਾਤ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਚਾਚੇ ਨੂੰ ਆਸਾਮ ਜੇਲ ਭੇਜ ਦਿੱਤਾ ਹੈ।

ਪੰਜਾਬ ਪੁਲਿਸ ਦੇ ਆਈਜੀ ਐਸਐਸ ਗਿੱਲ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ। ਪੁਲਿਸ ਉਸ ਨੂੰ ਫੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਗਿੱਲ ਨੇ ਕਿਹਾ ਕਿ ਹੁਣ ਤੱਕ ਜੋ ਤੱਥ ਅਤੇ ਹਾਲਾਤ ਸਾਹਮਣੇ ਆਏ ਹਨ, ਉਨ੍ਹਾਂ ਦੇ ਆਧਾਰ 'ਤੇ ਸਾਨੂੰ ਆਈਐਸਆਈ ਦੇ ਐਂਗਲ 'ਤੇ ਸ਼ੱਕ ਹੈ। ਉਨ੍ਹਾਂ ਕਿਹਾ ਕਿ ਹਾਲਾਤਾਂ ਨੂੰ ਦੇਖਦਿਆਂ ਲੱਗਦਾ ਹੈ ਕਿ ਇਸ ਮਾਮਲੇ ਵਿੱਚ ਆਈਐਸਆਈ ਅਤੇ ਵਿਦੇਸ਼ੀ ਫੰਡਿੰਗ ਵੀ ਸ਼ਾਮਲ ਹੈ। ਉਸ ਦੇ ਘਰ ਦੇ ਦਰਵਾਜ਼ੇ 'ਤੇ AKF ਲਿਖਿਆ ਹੋਇਆ ਮਿਲਿਆ, ਜਿਸ ਦਾ ਮਤਲਬ ਹੈ ਕਿ ਉਹ 'ਅਨੰਦਪੁਰ ਖਾਲਸਾ ਫੌਜ' ਨਾਂ ਦਾ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਦੱਸ ਦੇਈਏ ਕਿ 'ਵਾਰਿਸ ਪੰਜਾਬ ਦੇ' ਦੇ ਕੁਝ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਵਿਰੁੱਧ ਛੇ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 114 ਸਮਰਥਕਾਂ ਨੂੰ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪਹਿਲੇ ਦਿਨ 78, ਦੂਜੇ ਦਿਨ 34 ਅਤੇ ਬੀਤੀ ਰਾਤ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ 10 ਹਥਿਆਰ ਵੀ ਬਰਾਮਦ ਕੀਤੇ ਗਏ ਹਨ।