image caption:

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਅੱਗੇ ਫੂਕਿਆ ਸੁਖਬੀਰ ਬਾਦਲ ਦਾ ਪੁਤਲਾ

ਸ਼੍ਰੋਮਣੀ ਕਮੇਟੀ ਵੱਲੋਂ ਰੋਕ ਹਟਵਾਉਣ ਦਾ ਵਾਅਦਾ ਕਰਕੇ ਮੁਕਰਨ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁਰੂ ਕੀਤਾ ਸੰਘਰਸ਼

ਲੌਂਗੋਵਾਲ (ਦਲਜੀਤ ਕੌਰ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਕਾਲਜ ਦੀ ਉਸਾਰੀ ਤੇ ਹਾਈ ਕੋਰਟ ਵਿੱਚੋਂ ਰੋਕ ਲਗਾਉਣ ਕਾਰਨ ਇਲਾਕੇ ਅਤੇ ਅਕਾਲੀ ਦਲ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਰੋਕ ਹਟਵਾਉਣ ਦਾ ਵਾਅਦਾ ਕਰਕੇ ਮੁਕਰਨ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਕਿਸਾਨ ਜਥੇਬੰਦੀਆਂ ਦੇ ਵਰਕਰ ਅਤੇ ਇਲਾਕੇ ਦੀ ਸੰਗਤ ਅਨਾਜ ਮੰਡੀ ਵਿਖੇ ਇਕੱਠੇ ਹੋਏ ਅਤੇ ਉੱਥੋਂ ਪਿੰਡ ਵਿੱਚੋਂ ਦੀ ਰੋਸ ਮਾਰਚ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਅੱਗੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦਿਆਂ ਮੈਡੀਕਲ ਕਾਲਜ ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ। ਕੱਲ੍ਹ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬੂਟਾ ਸਿੰਘ ਗੁੜਥੜੀ ਦੇ ਘਰ ਅੱਗੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ ।

ਅੱਜ ਦੇ ਰੋਸ ਪ੍ਰਦਰਸ਼ਨ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਦੁੱਗਾਂ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਮੇਵਾ ਸਿੰਘ ਦੁੱਗਾਂ, ਬੀਕੇਯੂ (ਅਜਾਦ) ਦੇ ਆਗੂ ਕਰਨੈਲ ਸਿੰਘ ਜੱਸੇਕਾ, ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਬਲਦੇਵ ਸਿੰਘ ਬੱਗੂਆਣਾ, ਜਮਹੂਰੀ ਕਿਸਾਨ ਸਭਾ ਦੇ ਆਗੂ ਭੂਰਾ ਸਿੰਘ ਦੁੱਗਾਂ, ਅੰਗੀਠਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿੱਕਰ ਸਿੰਘ ਬਹਾਦਰਪੁਰ, ਭੂਰਾ ਸਿੰਘ ਦੁੱਗਾਂ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਔਰਤਾਂ ਨੇ ਪਿੱਟ ਸਿਆਪਾ ਕਰਦਿਆਂ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਕਿ ਫੌਰੀ ਕਾਲਜ ਦੀ ਉਸਾਰੀ ਤੇ ਲੱਗੀ ਰੋਕ ਹਟਾ ਕੇ ਅੜਿੱਕੇ ਦੂਰ ਕੀਤੇ ਜਾਣ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ 21 ਮਈ ਦੇ ਟਰੈਕਟਰ ਮਾਰਚ ਵਿਚ ਵੱਡੀ ਗਿਣਤੀ ਸੰਗਤਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਸਟੇਜ ਸਕੱਤਰ ਦੀ ਭੂਮਿਕਾ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਨੇ ਨਿਭਾਈ।