ਪੰਜਾਬ ਪੁਲਿਸ ਦੇ ਭਗੌੜੇ AIG ਰਾਜਜੀਤ ਸਿੰਘ ਨੂੰ ਲੱਭਣ 'ਚ ਨਾਕਾਮ ਪੰਜਾਬ STF
ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਲੰਬੇ ਸਮੇਂ ਤੋਂ ਫਰਾਰ ਹਨ। ਰਾਜਜੀਤ ਸਿੰਘ ਦਾ ਡਰੱਗ ਮਾਫੀਆ ਨਾਲ ਗਠਜੋੜ ਵੱਡੇ ਪੱਧਰ 'ਤੇ ਸਾਹਮਣੇ ਆਇਆ ਹੈ। ਜਿਸ ਸਬੰਧੀ ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਸਪੈਸ਼ਲ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ ਪਰ ਕਈ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਬਰਖ਼ਾਸਤ ਏਆਈਜੀ ਦਾ ਸੁਰਾਗ ਨਹੀਂ ਲੱਗਾ ਹੈ। ਮੁਲਜ਼ਮ ਲਈ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਰਾਜਜੀਤ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਵੀ ਜ਼ਿਲ੍ਹਾ ਅਦਾਲਤ ਅਤੇ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਬਾਰੇ ਵੀ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਤਾਂ ਕਰੋੜਾਂ ਰੁਪਏ ਦੇ ਨਸ਼ਿਆਂ ਦੇ ਕਈ ਮਾਮਲੇ ਸਾਹਮਣੇ ਆ ਸਕਦੇ ਹਨ। &lsquoਆਪ&rsquo ਆਗੂ ਮਾਲਵਿੰਦਰ ਕੰਗ ਦੀ ਤਰਫੋਂ ਕਿਹਾ ਗਿਆ ਹੈ ਕਿ ਮੁਲਜ਼ਮ ਦੇ ਸੀਨੇ ਵਿੱਚ ਕਈ ਰਾਜ਼ ਦੱਬੇ ਹੋਏ ਹਨ। ਰਾਜਜੀਤ ਸਿੰਘ ਡਰੱਗ ਮਾਫੀਆ ਦੀ ਕੜੀ ਵਜੋਂ ਕੰਮ ਕਰਦਾ ਰਿਹਾ ਹੈ। ਇੰਨਾ ਹੀ ਨਹੀਂ ਉਸ ਨੂੰ ਪੰਜਾਬ ਪੁਲਿਸ ਅਤੇ ਕਈ ਸਰਕਾਰੀ ਅਧਿਕਾਰੀਆਂ ਦਾ ਵੀ ਸਹਿਯੋਗ ਮਿਲਦਾ ਰਿਹਾ ਹੈ। 'ਆਪ' ਆਗੂ ਕੰਗ ਦੀ ਤਰਫੋਂ ਕਿਹਾ ਗਿਆ ਹੈ ਕਿ ਪੰਜਾਬ ਵਿਜੀਲੈਂਸ ਨੇ ਰਾਜਜੀਤ ਦੀ ਡਰੱਗ ਮਨੀ ਤੋਂ ਹਾਸਲ ਕੀਤੀ ਜਾਇਦਾਦ ਦਾ ਪਤਾ ਲਗਾਇਆ ਹੈ। ਪਰ ਰਾਜਜੀਤ ਸਿੰਘ ਦੀ ਗ੍ਰਿਫਤਾਰੀ ਤੋਂ ਪਹਿਲਾਂ ਉਸਦੀ ਜਾਇਦਾਦ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ ਹੈ। ਕੰਗ ਦਾ ਕਹਿਣਾ ਹੈ ਕਿ ਸਰਕਾਰ ਕੋਲ ਵੀ ਕਈ ਅਹਿਮ ਜਾਣਕਾਰੀਆਂ ਹਨ ਪਰ ਇਸ ਦਾ ਖੁਲਾਸਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ।
ਦਰਅਸਲ, ਸਾਲ 2017 ਵਿੱਚ ਏਆਈਜੀ ਰਾਜਜੀਤ ਸਿੰਘ ਦੇ ਸਾਥੀ ਇੰਸਪੈਕਟਰ ਇੰਦਰਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇੰਸਪੈਕਟਰ ਇੰਦਰਜੀਤ ਨੂੰ ਡਰੱਗਜ਼ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੰਸਪੈਕਟਰ ਇੰਦਰਜੀਤ ਦੇ ਘਰੋਂ ਛਾਪੇਮਾਰੀ ਦੌਰਾਨ ਏ.ਕੇ.-47, 3 ਕਿਲੋ ਸਮੈਕ, 4 ਕਿਲੋ ਹੈਰੋਇਨ ਅਤੇ ਕਈ ਦੇਸੀ ਹਥਿਆਰ ਬਰਾਮਦ ਹੋਏ। ਇਸ ਮਾਮਲੇ ਵਿੱਚ ਜਦੋਂ ਇੰਸਪੈਕਟਰ ਇੰਦਰਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਰਾਜਜੀਤ ਸਿੰਘ ਨੇ ਇੰਸਪੈਕਟਰ ਇੰਦਰਜੀਤ ਦਾ ਬਚਾਅ ਕਰਦਿਆਂ ਗਲਤ ਰਿਕਾਰਡ ਪੇਸ਼ ਕੀਤਾ। ਇਸ ਦੇ ਨਾਲ ਹੀ ਰਾਜਜੀਤ ਸਿੰਘ 'ਤੇ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ ਅਤੇ ਇੰਦਰਜੀਤ ਨੂੰ ਤਰੱਕੀ ਦੇਣ ਦਾ ਵੀ ਦੋਸ਼ ਹੈ।