image caption:

ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਕਿਹਾ - ਈਡੀ ਨੇ ਕਾਨੂੰਨ ਦਾ ਪਾਲਣ ਕੀਤਾ

 ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ-ਰਿਮਾਂਡ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਖਿਲਾਫ਼ ਪਾਈ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਕੇਜਰੀਵਾਲ ਨੇ 23 ਮਾਰਚ ਨੂੰ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਇਹ ਤੈਅ ਕਰਨ ਲਈ ਹੈ ਕਿ ਗ੍ਰਿਫਤਾਰੀ ਗੈਰ-ਕਾਨੂੰਨੀ ਹੈ ਜਾਂ ਨਹੀਂ। ਇਹ ਪਟੀਸ਼ਨ ਜ਼ਮਾਨਤ ਦੇਣ ਲਈ ਨਹੀਂ ਹੈ।

ਹਾਈ ਕੋਰਟ ਨੇ ਕਿਹਾ ਕਿ ਈਡੀ ਨੇ ਸਾਡੇ ਸਾਹਮਣੇ ਪੁਖ਼ਤਾ ਸਬੂਤ ਪੇਸ਼ ਕੀਤੇ ਹਨ। ਅਸੀਂ ਅਜਿਹੇ ਬਿਆਨ ਦੇਖੇ ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਪੈਸਾ ਗੋਆ ਚੋਣਾਂ ਲਈ ਭੇਜਿਆ ਗਿਆ ਸੀ। ਹਾਈ ਕੋਰਟ ਨੇ ਵੀ ਮੁੱਖ ਮੰਤਰੀ ਨੂੰ ਰਿਮਾਂਡ 'ਤੇ ਭੇਜਣ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਕਿ ਕੇਜਰੀਵਾਲ ਨੂੰ ਚੋਣਾਂ ਦੀਆਂ ਤਰੀਕਾਂ ਬਾਰੇ ਜ਼ਰੂਰ ਪਤਾ ਹੋਵੇਗਾ। ਉਨ੍ਹਾਂ ਨੂੰ ਪਤਾ ਹੋਵੇਗਾ ਕਿ ਚੋਣਾਂ ਕਦੋਂ ਹੋਣੀਆਂ ਹਨ। ਇਹ ਨਹੀਂ ਕਿਹਾ ਜਾ ਸਕਦਾ ਕਿ ਗ੍ਰਿਫ਼ਤਾਰੀ ਦਾ ਸਮਾਂ ਈਡੀ ਦੁਆਰਾ ਤੈਅ ਕੀਤਾ ਗਿਆ ਹੈ।