image caption:

ਪਾਕਿਸਤਾਨ ਜਾਣ ਵਾਲੇ 596 ਸ਼ਰਧਾਲੂਆਂ ਦੇ ਵੀਜ਼ੇ ਰੱਦ

 ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਵਿੱਚੋਂ ਪਾਕਿਸਤਾਨ ਦੂਤਾਵਾਸ ਨੇ ਲਗਪਗ 596 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ 929 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਜਦੋਂਕਿ ਪਾਕਿਸਤਾਨ ਦੂਤਾਵਾਸ ਵੱਲੋਂ ਕੁੱਲ 2843 ਸ਼ਰਧਾਲੂਆਂ ਨੂੰ ਇਸ ਯਾਤਰਾ ਵਾਸਤੇ ਵੀਜ਼ੇ ਜਾਰੀ ਕੀਤੇ ਹਨ। ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਮੌਕੇ 13 ਤੋਂ 22 ਅਪਰੈਲ ਤੱਕ ਹੋਣ ਵਾਲੇ ਸਾਲਾਨਾ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 2843 ਵੀਜ਼ੇ ਜਾਰੀ ਕੀਤੇ ਹਨ। ਇਸ ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਦੂਤਾਵਾਸ ਦੇ ਸਬੰਧਤ ਅਧਿਕਾਰੀ ਸਾਦ ਅਹਿਮਦ ਵੜੈਚ ਨੇ ਪਾਕਿਸਤਾਨ ਜਾਣ ਵਾਲੇ ਸਾਰੇ ਯਾਤਰੂੀਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਨੇ ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 596 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਇਹ ਜਥਾ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 22 ਅਪਰੈਲ ਨੂੰ ਵਾਪਸ ਪਰਤੇਗਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ 11 ਤੇ 12 ਅਪਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।