image caption:

ਨੀਟ ਪ੍ਰੀਖਿਆ ਵਿੱਚ ਧਾਂਦਲੀ ਖ਼ਿਲਾਫ਼ ਕਾਂਗਰਸ ਵੱਲੋਂ ਮੁਜ਼ਾਹਰਾ

 ਪੰਜਾਬ ਕਾਂਗਰਸ ਨੇ ਅੱਜ ਇੱਥੇ ਨੀਟ ਪ੍ਰੀਖਿਆ ਵਿੱਚ ਧਾਂਦਲੀ ਦੇ ਮਾਮਲੇ &rsquoਤੇ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਦਰਸ਼ਨ ਦੀ ਅਗਵਾਈ ਕੀਤੀ। ਕਾਂਗਰਸੀ ਆਗੂ ਅਤੇ ਵਰਕਰ ਜਦੋਂ ਭਾਜਪਾ ਦਫ਼ਤਰ ਵੱਲ ਵਧਣ ਲੱਗੇ ਤਾਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਮੌਕੇ ਪੁਲੀਸ ਨਾਲ ਕਾਫ਼ੀ ਧੱਕਾਮੁੱਕੀ ਵੀ ਹੋਈ। ਅਖੀਰ ਪੁਲੀਸ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ।

ਚੰਡੀਗੜ੍ਹ ਪੁਲੀਸ ਸਾਰੇ ਆਗੂਆਂ ਨੂੰ ਥਾਣੇ ਲੈ ਗਈ ਜਿੱਥੋਂ ਮਗਰੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਕਾਂਗਰਸ ਦੇ ਮਾਝੇ ਅਤੇ ਦੁਆਬੇ ਦੇ ਬਹੁਤੇ ਆਗੂ ਅੱਜ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਉਲਝੇ ਹੋਏ ਸਨ ਜਿਸ ਕਰਕੇ ਮਾਲਵਾ ਖ਼ਿੱਤੇ ਵਿੱਚੋਂ ਹੀ ਕਾਂਗਰਸੀ ਆਗੂ ਅਤੇ ਵਰਕਰ ਪੁੱਜੇ ਹੋਏ ਸਨ। ਕਾਂਗਰਸੀ ਆਗੂ ਅਤੇ ਵਰਕਰ ਪਹਿਲਾਂ ਇੱਥੇ ਕਾਂਗਰਸ ਭਵਨ ਵਿੱਚ ਇਕੱਠੇ ਹੋਏ। ਇੱਥੇ ਕਰੀਬ ਡੇਢ ਘੰਟਾ ਸਟੇਜ ਚੱਲੀ। ਜਦੋਂ ਕਾਂਗਰਸੀ ਆਗੂ ਭਾਜਪਾ ਦਫ਼ਤਰ ਵੱਲ ਰਵਾਨਾ ਹੋਣ ਲੱਗੇ ਤਾਂ ਪੁਲੀਸ ਨੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।