image caption:

ਮੁੱਖ ਮੰਤਰੀ ਨੇ ਕਾਂਗਰਸ ਨੂੰ ਵੋਟ ਪਾਉਣ ਵਾਲੇ ਦਸ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ 10,000 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ ਇਸ ਕਾਰਨ ਕੀਤੀਆਂ ਕਿਉਂਕਿ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਪਾਈ ਸੀ। ਉਨ੍ਹਾਂ ਟ੍ਰਿਬਿਊਨ ਪ੍ਰਕਾਸ਼ਨ ਸਮੂਹ ਨੂੰ ਦਿੱਤੀ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਦੇ ਮੱਦੇਨਜ਼ਰ ਆਪਣੀ ਨਿਰਾਸ਼ਾ ਨੂੰ ਜ਼ਾਹਿਰ ਕਰਨ ਲਈ ਪੁਲੀਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ 13 ਵਿੱਚੋਂ ਸਿਰਫ ਤਿੰਨ ਸੀਟਾਂ &rsquoਤੇ ਜਿੱਤ ਪ੍ਰਾਪਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ, ਉਨ੍ਹਾਂ ਨੂੰ ਇਹ ਨਹੀਂ ਕਹਿਣਾ ਚਾਹੀਦਾ ਕਿ ਉਸ ਦੀ ਪੁਲੀਸ ਨਸ਼ਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਢਾਈ ਸਾਲਾਂ ਵਿੱਚ ਤੁਸੀਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਪਤਾ ਨਹੀਂ ਲਗਾ ਸਕੇ। ਕਿਸੇ ਸਮੇਂ ਆਪਣੇ ਗੁੱਸੇ ਲਈ ਜਾਣੇ ਜਾਂਦੇ ਵੜਿੰਗ ਨੇ ਕਿਹਾ ਕਿ ਸਿਆਸੀ ਜੀਵਨ ਵਿੱਚ ਗੁੱਸੇ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ, &lsquo&lsquoਮੇਰੇ ਖ਼ਿਲਾਫ਼ ਕੁਝ ਥਾਵਾਂ &rsquoਤੇ ਹਾਲ ਹੀ ਵਿੱਚ ਹੋਈ ਆਲੋਚਨਾ ਦੇ ਬਾਵਜੂਦ ਮੈਂ ਹਰ ਆਗੂ ਨੂੰ ਮਿਲਣ ਜਾਵਾਂਗਾ ਅਤੇ ਉਨ੍ਹਾਂ ਨਾਲ ਗੱਲ ਕਰਾਂਗਾ।&rsquo&rsquo ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ ਹਰਾਉਣ ਵਾਲੇ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਨਹੀਂ ਹਨ ਕਿਉਂਕਿ ਪਾਰਟੀ ਵਿੱਚ ਅਜਿਹੇ 6-7 ਹੋਰ ਸਮਰੱਥ ਆਗੂ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪਾਰਟੀ ਦੇ ਨਿਯਮਾਂ ਅਤੇ ਪਾਰਟੀ ਦੇ ਫੈਸਲਿਆਂ ਦਾ ਪਾਲਣ ਕਰਨਾ ਚਾਹੀਦਾ ਹੈ। ਵੜਿੰਗ ਨੇ ਉਨ੍ਹਾਂ ਵਿਰੋਧੀਆਂ &rsquoਤੇ ਨਿਸ਼ਾਨਾ ਸੇਧਿਆ ਜੋ ਉਨ੍ਹਾਂ ਨੂੰ ਪੰਜਾਬ ਵਿੱਚ ਕਾਂਗਰਸ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੰਭਾਲਣ ਦੀ ਇਜਾਜ਼ਤ ਦੇਣ ਲਈ ਕਹਿ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਦਾ ਫੈਸਲਾ ਪਾਰਟੀ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਅਤੇ ਰਾਹੁਲ ਗਾਂਧੀ ਦਾ ਵਫ਼ਾਦਾਰ ਹੈ।