image caption:

ਭਾਰਤ ਵਿਚ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫ਼ਰਤ ਭਰੇ ਭਾਸ਼ਣਾਂ ਵਿਚ ਵਾਧਾ ਚਿੰਤਾਜਨਕ: ਬਲਿੰਕਨ

 ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਭਾਰਤ ਵਿਚ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫ਼ਰਤ ਭਰੇ ਭਾਸ਼ਣ ਅਤੇ ਧਾਰਮਿਕ ਘੱਟ ਗਿਣਤੀ ਭਾਈਚਾਰਿਆਂ ਦੇ ਲੋਕਾਂ ਦੇ ਘਰਾਂ ਅਤੇ ਪੂਜਾ ਸਥਾਨਾਂ ਨੂੰ ਢਾਹੁਣ ਦੇ ਮਾਮਲਿਆਂ ਵਿਚ "ਚਿੰਤਾਜਨਕ ਵਾਧਾ" ਹੋਇਆ ਹੈ। ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ 'ਤੇ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਜਾਰੀ ਕਰਨ ਦੇ ਮੌਕੇ 'ਤੇ ਬਲਿੰਕੇਨ ਨੇ ਕਿਹਾ ਕਿ ਦੁਨੀਆਂ ਭਰ ਦੇ ਲੋਕ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਬਹੁਤ ਯਤਨ ਕਰ ਰਹੇ ਹਨ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਅਮਰੀਕੀ ਅਧਿਕਾਰੀਆਂ ਨੇ 2023 ਵਿਚ ਭਾਰਤ ਵਿਚ ਅਪਣੇ ਹਮਰੁਤਬਾ ਨਾਲ ਧਾਰਮਿਕ ਆਜ਼ਾਦੀ ਦੇ ਮੁੱਦਿਆਂ ਬਾਰੇ ਲਗਾਤਾਰ ਚਿੰਤਾਵਾਂ ਪ੍ਰਗਟਾਈਆਂ। ਵਿਦੇਸ਼ ਮੰਤਰੀ ਨੇ ਕਿਹਾ, "ਭਾਰਤ ਵਿਚ, ਅਸੀਂ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫ਼ਰਤ ਭਰੇ ਭਾਸ਼ਣ, ਧਾਰਮਿਕ ਘੱਟ ਗਿਣਤੀ ਭਾਈਚਾਰਿਆਂ ਦੇ ਲੋਕਾਂ ਦੇ ਘਰਾਂ ਅਤੇ ਪੂਜਾ ਸਥਾਨਾਂ ਨੂੰ ਢਾਹੁਣ ਦੇ ਮਾਮਲਿਆਂ ਵਿਚ ਚਿੰਤਾਜਨਕ ਵਾਧਾ ਦੇਖਿਆ ਹੈ। ਇਸ ਦੇ ਨਾਲ ਹੀ ਦੁਨੀਆਂ ਭਰ ਦੇ ਲੋਕ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਸਖ਼ਤ ਸੰਘਰਸ਼ ਕਰ ਰਹੇ ਹਨ"।

ਭਾਰਤ ਲਈ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ 2023 ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ 28 ਵਿਚੋਂ 10 ਸੂਬਿਆਂ ਵਿਚ ਸਾਰੇ ਧਰਮਾਂ ਵਿਚ ਧਰਮ ਪਰਿਵਰਤਨ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਹਨ। ਇਨ੍ਹਾਂ ਵਿਚੋਂ ਕੁੱਝ ਸੂਬੇ ਵਿਆਹ ਦੇ ਉਦੇਸ਼ ਲਈ ਜ਼ਬਰਦਸਤੀ ਧਰਮ ਪਰਿਵਰਤਨ ਦੇ ਵਿਰੁਧ ਜੁਰਮਾਨੇ ਵੀ ਲਗਾਉਂਦੇ ਹਨ। ਭਾਰਤ ਨੇ ਇਸ ਤੋਂ ਪਹਿਲਾਂ ਮਨੁੱਖੀ ਅਧਿਕਾਰਾਂ 'ਤੇ ਅਮਰੀਕੀ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿਤਾ ਹੈ ਕਿ ਇਹ "ਗਲਤ ਜਾਣਕਾਰੀ ਅਤੇ ਗਲਤ ਸਮਝ" 'ਤੇ ਆਧਾਰਿਤ ਹੈ।

ਵਿਦੇਸ਼ ਵਿਭਾਗ ਨੇ ਪਿਛਲੇ ਸਾਲ ਕਿਹਾ ਸੀ, "ਕੁੱਝ ਅਮਰੀਕੀ ਅਧਿਕਾਰੀਆਂ ਦੀਆਂ ਪੱਖਪਾਤੀ ਟਿੱਪਣੀਆਂ ਇਨ੍ਹਾਂ ਰਿਪੋਰਟਾਂ ਦੀ ਭਰੋਸੇਯੋਗਤਾ ਨੂੰ ਹੋਰ ਕਮਜ਼ੋਰ ਕਰਦੀਆਂ ਹਨ।" ਇਸ ਸਾਲ ਦੀ ਰਿਪੋਰਟ ਵਿਚ ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਈਸਾਈ ਅਤੇ ਮੁਸਲਮਾਨਾਂ ਨੂੰ ਜ਼ਬਰਦਸਤੀ ਧਰਮ ਪਰਿਵਰਤਨ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਧਾਰਮਿਕ ਸਮੂਹਾਂ ਦਾ ਕਹਿਣਾ ਹੈ ਕਿ ਕੁੱਝ ਮਾਮਲਿਆਂ ਵਿਚ, ਧਾਰਮਿਕ ਘੱਟ ਗਿਣਤੀ ਭਾਈਚਾਰਿਆਂ ਦੇ ਮੈਂਬਰਾਂ ਉਤੇ ਝੂਠੇ ਅਤੇ ਮਨਘੜਤ ਦੋਸ਼ਾਂ ਵਿਚ ਤਸ਼ੱਦਦ ਕੀਤੇ ਗਏ ਅਤੇ ਜੇਲ੍ਹਾਂ ਵਿਚ ਡੱਕਿਆ ਗਿਆ ਹੈ।