image caption:

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ (24 ਜੁਲਾਈ) ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ । ਇੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ ਆਪਣਾ ਸਪੱਸ਼ਟੀਕਰਨ ਸੌਂਪਿਆ । ਜਾਣਕਾਰੀ ਅਨੁਸਾਰ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ । ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿੱਚ ਜਥੇਦਾਰ ਨੂੰ ਮਿਲੇ । ਇਹ ਮੀਟਿੰਗ 20 ਮਿੰਟ ਚੱਲੀ ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੇ ਨਿਰਦੇਸ਼ਾਂ ਅਨੁਸਾਰ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ । ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ, ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ । ਸਪੱਸ਼ਟੀਕਰਨ ਸੌਂਪਣ ਤੋਂ ਬਾਅਦ ਸੁਖਬੀਰ ਬਾਦਲ ਬਾਹਰ ਆ ਕੇ ਸਿੱਧਾ ਕਾਰ 'ਚ ਬੈਠੇ ਅਤੇ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲ ਨਹੀਂ ਕੀਤੀ ਗਈ । ਜਿਸ ਤੋਂ ਬਾਅਦ ਇਸ ਮਾਮਲੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਖੋਲ੍ਹ ਕੇ ਪੜ੍ਹਿਆ ਜਾਵੇਗਾ।