ਬੇਅਦਬੀ ਮਾਮਲੇ ’ਚ ‘ਆਪ’ ਦੋ ਸਾਲਾਂ ਵਿੱਚ ਵੀ ਇਨਸਾਫ਼ ਨਾ ਦਿਵਾ ਸਕੀ: ਪਰਗਟ
 ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸੂਬੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਬੇਅਦਬੀ ਮਾਮਲਿਆਂ ਦਾ ਨਿਬੇੜਾ ਕਰਨ ਵਿੱਚ ਨਾਕਾਮ ਰਹਿਣ &rsquoਤੇ ਆਮ ਆਦਮੀ ਪਾਰਟੀ (ਆਪ) ਸਰਕਾਰ &rsquoਤੇ ਸ਼ਬਦੀ ਹਮਲੇ ਕੀਤੇ ਹਨ। ਪਰਗਟ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ &lsquoਆਪ&rsquo ਆਗੂਆਂ ਵੱਲੋਂ ਬੇਅਦਬੀ ਦੇ ਕੇਸਾਂ ਦਾ ਨਿਬੇੜਾ 24 ਘੰਟਿਆਂ &rsquoਚ ਕਰ ਕੇ ਇਨਸਾਫ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਅੱਜ ਦੋ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਮੁਕੰਮਲ ਹੋਣ ਤੋਂ ਦੋ ਸਾਲ ਬਾਅਦ ਵੀ ਸੂਬਾ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਚਲਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ। ਦੂਜੇ ਪਾਸੇ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਨ ਵਾਲੇ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਨ੍ਹਾਂ ਘਟਨਾਵਾਂ ਸਬੰਧੀ &lsquoਆਪ&rsquo ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਸਾਬਕਾ ਜਸਟਿਸ ਜੋਰਾ ਸਿੰਘ ਦੀ ਗੱਲ ਸੁਣ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਲਈ ਅਦਾਲਤ ਵਿੱਚ ਪੈਰਵੀ ਕੀਤੀ ਸੀ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਤਿੰਨ ਸਰਕਾਰਾਂ ਬਦਲ ਗਈਆਂ ਹਨ ਪਰ ਹਾਲੇ ਤੱਕ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਇਨਸਾਫ਼ ਨਹੀਂ ਮਿਲਿਆ ਹੈ। ਇਸ ਮੌਕੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।