ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦਾ: ਭਗਵੰਤ ਮਾਨ
 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਅਨਾਜ ਮੰਡੀ ਵਿੱਚ ਪਰਿਵਰਤਨ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਤੱਕ ਹਰਿਆਣਾ ਨੇ ਸਾਰੀਆਂ ਪਾਰਟੀਆਂ ਨੂੰ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ ਪਰ ਸਾਰੀਆਂ ਪਾਰਟੀਆਂ ਨੇ ਆਮ ਵਰਗ ਦੀ ਰੱਜ ਕੇ ਲੁੱਟ ਕੀਤੀ। ਰਸੋਈ ਗੈਸ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਬੇਹਿਸਾਬ ਵਾਧਾ ਕਰਕੇ ਬਾਅਦ ਵਿੱਚ ਉਨ੍ਹਾਂ ਨੂੰ ਮਾਮੂਲੀ ਜਿਹਾ ਘਟਾ ਦਿੱਤਾ ਜਾਂਦਾ ਹੈ। ਲੋਕਾਂ ਨੂੰ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮਹਿੰਗਾਈ ਘਟ ਰਹੀ ਹੈ। ਕਾਂਗਰਸ ਅਤੇ ਭਾਜਪਾ ਦੋਵੇਂ ਸ਼ੁਰੂ ਤੋਂ ਹੀ ਇਸ ਤਰ੍ਹਾਂ ਖੇਡ ਰਹੀਆਂ ਹਨ ਪਰ ਹੁਣ ਲੋਕ ਉਨ੍ਹਾਂ ਦੀਆਂ ਨੀਤੀਆਂ ਸਮਝ ਚੁੱਕੇ ਹਨ। ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ 2022 &rsquoਚ ਮੌਕਾ ਮਿਲਿਆ ਜਿਸ ਤੋਂ ਬਾਅਦ ਭ੍ਰਿਸ਼ਟਾਚਾਰ ਫੈਲਾਉਣ ਵਾਲੇ ਬਹੁਤੇ ਆਗੂ ਜੇਲ੍ਹ ਵਿੱਚ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਖਰਚੇ ਅਤੇ ਬਿਨਾਂ ਕਿਸੇ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਦੂਜੇ ਪਾਸੇ ਹਰਿਆਣਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਯੂਕਰੇਨ ਵਰਗੇ ਦੇਸ਼ਾਂ ਵਿੱਚ ਜਾ ਕੇ ਜੰਗਾਂ ਵਿੱਚ ਸ਼ਾਮਲ ਹੋਣ ਦੀ ਸਲਾਹ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ 2022 ਤੋਂ ਹੁਣ ਤੱਕ ਪੰਜਾਬ ਵਿੱਚ 847 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਆਗੂਆਂ ਦੀ ਸੋਚ ਸਹੀ ਹੋਵੇ ਤਾਂ ਦੇਸ਼ ਨੂੰ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਰੈਲੀ ਵਿੱਚ ਸਾਬਕਾ ਮੰਤਰੀ ਬਲਬੀਰ ਸੈਣੀ, ਇੰਦਰਜੀਤ ਸਿੰਘ ਨੱਤ, ਅਨੁਰਾਗ ਢੰਡਾ, ਗਹਿਲ ਸਿੰਘ ਸੰਧੂ, ਰਘਬੀਰ ਚੱਠਾ, ਰਿੰਕੂ ਠਾਣਾ ਤੇ ਹੋਰ ਆਗੂ ਵੀ ਹਾਜ਼ਰ ਸਨ।