image caption:

ਸੁਨਾਮ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

 ਸੁਨਾਮ: ਨਵੇਂ ਫੌਜਦਾਰੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਦਿੱਤੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ ਅਤੇ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਜ਼ਾਰਾਂ ਅੰਦਰ ਟਰੈਕਟਰ ਮਾਰਚ ਕੱਢਿਆ ਅਤੇ ਐਸਡੀਐਮ ਦਫ਼ਤਰ ਸਾਹਮਣੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਪਹਿਲਾਂ ਆਨਾਜ ਮੰਡੀ ਵਿਖੇ ਇਕੱਤਰ ਹੋਏ। ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ , ਸੰਤ ਰਾਮ ਛਾਜਲੀ ਅਤੇ ਹੈਪੀ ਨਮੋਲ ਆਗੂ ਨੇ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੇ ਨਵੇਂ ਫੌਜਦਾਰੀ ਕਾਨੂੰਨ ਬਣਾਕੇ ਹੱਕ ਮੰਗਦੇ ਇਨਸਾਫ਼ ਪਸੰਦ ਲੋਕਾਂ ਦੀ ਸੰਘੀ ਨੱਪਣ ਦਾ ਯਤਨ ਕੀਤਾ ਹੈ ਲੇਕਿਨ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨ, ਮਜ਼ਦੂਰ ਸਰਕਾਰ ਦੇ ਅਜਿਹੇ ਵਰਤਾਰੇ ਤੋਂ ਨਹੀਂ ਡਰਨਗੇ। ਉਨ੍ਹਾਂ ਕਿਹਾ ਕਿ ਕਾਨੂੰਨੀ ਮਾਹਿਰਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਇਹ ਕਾਨੂੰਨ ਆਮ ਨਾਗਰਿਕ ਦੇ ਅਧਿਕਾਰਾਂ ਦਾ ਘਾਣ ਕਰਨਗੇ ਇਹ ਕਾਨੂੰਨ ਕਿਵੇਂ ਸੰਵਿਧਾਨ ਦੇ ਸਿਧਾਂਤਾਂ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਖਿਲਾਫ ਹਨ। ਉਹਨਾਂ ਕਿਹਾ ਕਿ ਇਹ ਕਾਨੂੰਨ ਸਿੱਧੇ ਤੌਰ ਤੇ ਭਾਰਤ ਨੂੰ ਇੱਕ ਪੁਲਿਸ ਸਟੇਟ ਬਣਾਉਣ ਵੱਲ ਇਸ਼ਾਰਾ ਕਰਦੇ ਹਨ, ਨਵੇਂ ਫੌਜਦਾਰੀ ਕਾਨੂੰਨਾਂ ਨਾਲ ਪੁਲਿਸ ਦੇ ਕੋਲ ਅੰਨੀਆਂ ਤਾਕਤਾਂ ਹੋ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ 31 ਅਗਸਤ ਨੂੰ ਬਾਰਡਰਾਂ ਤੇ ਚੱਲ ਰਹੇ ਮੋਰਚਿਆਂ ਵਿੱਚ ਵੱਡੇ ਇਕੱਠ ਕੀਤੇ ਜਾਣਗੇ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।