image caption:

ਅੰਮ੍ਰਿਤਪਾਲ ਦੇ ਪਿਤਾ ਨੇ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ਭੇਜਣ ’ਤੇ ਸਵਾਲ ਚੁੱਕੇ

 ਲੁਧਿਆਣਾ- ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ। ਸਾਲ 2011 ਤੋਂ ਬਾਅਦ ਐੱਸਜੀਪੀਸੀ ਚੋਣਾਂ ਨਹੀਂ ਹੋਈਆਂ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਇਥੇ ਜਲੰਧਰ ਬਾਈਪਾਸ &rsquoਤੇ ਸਥਿਤ ਇੱਕ ਪੈਲੇਸ &rsquoਚ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਯੋਜਨਾ ਤਹਿਤ ਇੱਕ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਜੇ ਉਥੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਲੜਨਗੇ ਅਤੇ ਉਨ੍ਹਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਆਪਣੀ ਵੋਟ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਸਿੱਖ ਆਪਣੀ ਵੋਟ ਪਾਉਣ।

ਤਰਸੇਮ ਸਿੰਘ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਵਿੱਚ ਸੰਗਤ ਦਾ ਭਾਰੀ ਇਕੱਠ ਹੋ ਰਿਹਾ ਹੈ। ਇਸ ਸਬੰਧੀ ਅੱਜ ਲੁਧਿਆਣਾ ਵਿੱਚ ਸਿੱਖ ਜਥੇਬੰਦੀਆਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੁੱਖ ਮੁੱਦੇ ਬੰਦੀ ਸਿੱਖਾਂ ਦੀ ਰਿਹਾਈ ਤੇ ਬੇਅਦਬੀ ਕਾਂਡ ਵਿੱਚ ਇਨਸਾਫ਼ ਨਾ ਮਿਲਣਾ ਹਨ। ਤਰਸੇਮ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ ਦੇਸ਼ ਵਿੱਚ ਦੋ ਕਾਨੂੰਨ ਚਲਾ ਰਹੀ ਹੈ। ਡੇਰਾ ਮੁਖੀ ਨੂੰ ਕੁਝ ਸਮੇਂ ਬਾਅਦ 21 ਦਿਨਾਂ ਦੀ ਪੈਰੋਲ ਦਿੱਤੀ ਜਾ ਰਹੀ ਹੈ ਪਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਸਭ ਤੋਂ ਵੱਧ ਵੋਟਾਂ ਨਾਲ ਲੋਕ ਸਭਾ ਚੋਣ ਜਿੱਤੇ ਹਨ ਪਰ ਸਰਕਾਰ ਅੰਮ੍ਰਿਤਪਾਲ ਦੀ ਰਿਹਾਈ ਲਈ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਜਲਦੀ ਰਿਹਾਅ ਕੀਤਾ ਜਾਵੇ।