ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ 20 ਜਨਵਰੀ ਤੋਂ ਸ਼ੁਰੂ ਹੋਵੇਗੀ ਭਰਤੀ ਮੁਹਿੰਮ, 1 ਮਾਰਚ ਨੂੰ ਚੁਣਿਆ ਜਾਵੇਗਾ ਨਵਾਂ ਪ੍ਰਧਾਨ
 ਚੰਡੀਗੜ੍ਹ, (ਮਿਹਰਜੋਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਸ਼ੁੱਕਰਵਾਰ ਦੁਪਹਿਰ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਚ ਲਗਪਗ ਸਵਾ ਦੋ ਘੰਟੇ ਚੱਲੀ ਮੀਟਿੰਗ ਵਿਚ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ। ਇਸ ਮੀਟਿੰਗ ਵਿਚ ਖੁਦ ਸੁਖਬੀਰ ਬਾਦਲ ਪਹੁੰਚੇ ਹੋਏ ਸਨ। ਪਾਰਟੀ ਪ੍ਰਤੀ ਸੇਵਾਵਾਂ ਲਈ ਵਰਕਿੰਗ ਕਮੇਟੀ ਵੱਲੋਂ ਬਾਦਲ ਲਈ ਧੰਨਵਾਦ ਦਾ ਮਤਾ ਵੀ ਪਾਸ ਕੀਤਾ ਗਿਆ। ਜਦੋਂ ਤੱਕ ਨਵਾਂ ਪ੍ਰਧਾਨ ਨਹੀਂ ਚੁਣਿਆ ਜਾਂਦਾ, ਉਸ ਸਮੇਂ ਤੱਕ ਬਲਵਿੰਦਰ ਸਿੰਘ ਭੂੰਦੜ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਰਹਿਣਗੇ। ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 20 ਜਨਵਰੀ ਤੋਂ 20 ਫਰਵਰੀ ਤਕ ਪਾਰਟੀ ਦੀ ਭਰਤੀ ਮੁਹਿੰਮ ਚਲਾਈ ਜਾਵੇਗੀ। 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੂੰ ਜਥੇਬੰਦਕ ਚੋਣ ਲਈ ਮੁੱਖ ਚੋਣ ਅਧਿਕਾਰੀ ਬਣਾਇਆ ਗਿਆ ਹੈ ਜਦਕਿ ਬਤੌਰ ਸਕੱਤਰ ਡਾ. ਦਲਜੀਤ ਸਿੰਘ ਚੀਮਾ ਉਨ੍ਹਾਂ ਦੇ ਨਾਲ ਸਾਰੀ ਦੇਖ-ਰੇਖ ਕਰਨਗੇ। ਪਾਰਟੀ ਵੱਲੋਂ 25 ਲੱਖ ਭਰਤੀ ਦਾ ਟੀਚਾ ਮਿੱਥਿਆ ਗਿਆ ਹੈ।
ਭਰਤੀ ਮੁਹਿੰਮ ਲਈ ਵੱਖ-ਵੱਖ ਆਗੂਆਂ ਨੂੰ ਬਣਾਇਆ ਆਬਜ਼ਰਵਰ
ਭਰਤੀ ਮੁਹਿੰਮ ਦੀ ਦੇਖ-ਰੇਖ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜੰਮੂ ਕਸ਼ਮੀਰ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਬਜ਼ਰਵਰ ਹੋਣਗੇ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਮਾਲਵਾ ਖੇਤਰ ਦਾ ਆਬਜ਼ਰਵਰ ਬਣਾਇਆ ਗਿਆ ਹੈ। ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਰਾਜਸਥਾਨ ਦਾ ਆਬਜ਼ਰਵਰ ਬਣਾਇਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ ਵੀ ਨਾਲ ਹੋਣਗੇ। ਟਕਸਾਲੀ ਆਗੂ ਸੰਤਾ ਸਿੰਘ ਉਮੈਦਪੁਰੀ ਨੂੰ ਹਿਮਾਚਲ ਪ੍ਰਦੇਸ਼ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਜਦਕਿ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਉਨ੍ਹਾਂ ਦਾ ਨਾਲ ਸਹਿਯੋਗ ਕਰਨਗੇ। ਡੀਐੱਸਜੀਐੱਮਸੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਦਾ ਆਬਜ਼ਰਵਰ ਜਦਕਿ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਆਬਜ਼ਰਵਰ ਦੀ ਜਿੰਮੇਵਾਰੀ ਸੌਂਪੀ ਗਈ ਹੈ। ਰਘੂਜੀਤ ਸਿੰਘ ਵਿਰਕ ਤੇ ਬਲਦੇਵ ਸਿੰਘ ਕਾਇਮਪੁਰ ਨੂੰ ਹਰਿਆਣਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੀ ਭਰਤੀ ਮੁਹਿੰਮ ਲਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਤੇ ਮੋਹਿਤ ਗੁਪਤਾ ਨੂੰ ਅੰਮ੍ਰਿਤਸਰ ਸ਼ਹਿਰੀ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਦਿਹਾਤੀ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਡਾਂ ਨੂੰ ਮਾਲੇਰਕੋਟਲਾ, ਤਜਿੰਦਰ ਸਿੰਘ ਮਿਡੂਖੇੜਾ ਨੂੰ ਬਰਨਾਲਾ, ਜਨਮੇਜਾ ਸਿੰਘ ਸੇਖੋਂ ਅਤੇ ਬੀਬੀ ਹਰਗੋਬਿੰਦ ਕੌਰ ਨੂੰ ਬਠਿੰਡਾ, ਬਿਕਰਮਜੀਤ ਸਿੰਘ ਖਾਲਸਾ ਤੇ ਪਰਮਜੀਤ ਸਿੰਘ ਢਿੱਲੋਂ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ, ਮਨਤਾਰ ਸਿੰਘ ਬਰਾੜ ਨੂੰ ਫਰੀਦਕੋਟ, ਵਰਦੇਵ ਸਿੰਘ ਮਾਨ ਨੂੰ ਫਾਜ਼ਿਲਕਾ, ਜੋਗਿੰਦਰ ਸਿੰਘ ਜਿੰਦੂ ਨੂੰ ਫਿਰੋਜ਼ਪੁਰ, ਹੀਰਾ ਸਿੰਘ ਗਾਬੜੀਆ ਨੂੰ ਗੁਰਦਾਸਪੁਰ, ਮਹਿੰਦਰ ਸਿੰਘ ਕੇਪੀ, ਹਰੀਸ਼ ਰਾਏ ਢਾਂਡਾ ਤੇ ਪਰਮਿੰਦਰ ਕੌਰ ਪੰਨੂੰ ਨੂੰ ਜਲੰਧਰ ਸ਼ਹਿਰੀ, ਬਲਦੇਵ ਸਿੰਘ ਖਹਿਰਾ ਨੂੰ ਜਲੰਧਰ ਦਿਹਾਤੀ, ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਕਪੂਰਥਲਾ, ਦਰਬਾਰਾ ਸਿੰਘ ਗੁਰੂ ਤੇ ਪਰਮਬੰਸ ਸਿੰਘ ਰੋਮਾਣਾ ਨੂੰ ਲੁਧਿਆਣਾ ਸ਼ਹਿਰੀ, ਸ਼ਰਨਜੀਤ ਸਿੰਘ ਢਿੱਲੋਂ ਤੇ ਯਾਦਵਿੰਦਰ ਸਿੰਘ ਯਾਦੂ ਨੂੰ ਖੰਨਾ ਦਿਹਾਤੀ, ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਪੁਲਿਸ ਜ਼ਿਲ੍ਹਾ ਜਗਰਾਓਂ, ਦਿਲਰਾਜ ਸਿੰਘ ਭੂੰਦੜ, ਬੀਬੀ ਹਰਗੋਬਿੰਦ ਕੌਰ ਤੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਮਾਨਸਾ, ਤੀਰਥ ਸਿੰਘ ਮਾਹਲਾ ਤੇ ਰਾਜਵਿੰਦਰ ਸਿੰਘ ਧਰਮਕੋਟ ਨੂੰ ਮੋਗਾ, ਰਣਜੀਤ ਸਿੰਘ ਗਿੱਲ ਤੇ ਬੀਬੀ ਕੁਲਦੀਪ ਕੌਰ ਕੰਗ ਨੂੰ ਮੋਹਾਲੀ, ਕੰਵਰਜੀਤ ਸਿੰਘ ਬਰਕੰਦੀ ਤੇ ਬੀਬੀ ਹਰਗੋਬਿੰਦ ਕੌਰ ਨੂੰ ਸ਼੍ਰੀ ਮੁਕਸਤਰ ਸਾਹਿਬ, ਐੱਨ.ਕੇ ਸ਼ਰਮਾ ਤੇ ਸਰਬਜੀਤ ਸਿੰਘ ਝਿੰਜਰ ਨੂੰ ਪਟਿਆਲਾ, ਗੁਰਬਚਨ ਸਿੰਘ ਬੱਬੇਹਾਲੀ ਨੂੰ ਪਠਾਨਕੋਟ, ਅਰਸ਼ਦੀਪ ਸਿੰਘ ਕਲੇਰ ਨੂੰ ਰੋਪੜ, ਗੋਬਿੰਦ ਸਿੰਘ ਲੌਂਗੋਵਾਲ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਸੰਗਰੂਰ, ਵਰਿੰਦਰ ਸਿੰਘ ਬਾਜਵਾ ਨੂੰ ਸ਼ਹੀਦ ਭਗਤ ਸਿੰਘ ਨਗਰ, ਸੁੱਚਾ ਸਿੰਘ ਲੰਗਾਹ ਨੂੰ ਤਰਨਤਾਰਨ, ਡਾ. ਦਲਜੀਤ ਸਿੰਘ ਚੀਮਾ, ਬੀਬੀ ਹਰਜਿੰਦਰ ਕੌਰ ਤੇ ਪਰਵਿੰਦਰ ਸਿੰਘ ਸੋਹਾਣਾ ਨੂੰ ਚੰਡੀਗੜ੍ਹ ਵਿਚ ਭਰਤੀ ਮੁਹਿੰਮ ਦੀ ਦੇਖ-ਰੇਖ ਕਰਨ ਲਈ ਆਬਜ਼ਰਵਰ ਦੀ ਜਿੰਮੇਵਾਰੀ ਸੌਂਪੀ ਗਈ ਹੈ।