ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਤਰੱਕੀ ਨੂੰ ਰਫਤਾਰ ਦੇ ਰਹੇ ਹਾਂ : CM ਮਾਨ
 ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਤੇਜ਼ ਆਰਥਿਕ ਵਿਕਾਸ ਦੇ ਪੰਧ ਉਤੇ ਪਾਉਣ ਲਈ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਸ਼਼ੁਰੂ ਕਰ ਕੇ ਇਤਿਹਾਸ ਰਚਿਆ ਹੈ। ਇੱਥੇ 13 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਦੇ ਨਿਰਮਾਣ ਕਰਨ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜਵਾਬਦੇਹੀ ਯਕੀਨੀ ਬਣਾ ਕੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਕ ਪਾਸੇ ਵੱਡੇ ਜਨਤਕ ਹਿੱਤਾਂ ਅਤੇ ਦੂਜੇ ਪਾਸੇ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੁਲਾਰਾ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ ਉਲੀਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਬੁੱਢੇ ਨਾਲੇ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਗੁਰਬਾਣੀ ਵਿੱਚੋਂ &lsquoਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ&rsquo ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦੇ ਬਰਾਬਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਦੂਸ਼ਣ ਘਟਾਉਣ ਅਤੇ ਸੂਬੇ ਨੂੰ ਸਾਫ਼, ਹਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ ''ਤੇ ਚੱਲ ਰਹੀ ਹੈ।