image caption:

ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਚੰਡੀਗੜ੍ਹ: ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ।
ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ''ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ &lsquoਯੁੱਧ ਨਸ਼ਿਆਂ ਵਿਰੁੱਧ&rsquo ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਤੋਂ ਬਾਅਦ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਇਸ ਨੂੰ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਣਾ ਚਾਹੀਦਾ ਹੈ।