ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ
ਸ੍ਰੀ ਅੰਮ੍ਰਿਤਸਰ, 6 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਘੱਲੂਘਾਰੇ ਸਬੰਧੀ ਅੱਜ ਹੋਏ ਸ਼ਹੀਦੀ ਸਮਾਗਮ ਪੂਰਨ ਸ਼ਾਂਤਮਈ ਮਾਹੌਲ ਵਿੱਚ ਅਤੇ ਪੰਥਕ ਇੱਕਜੁੱਟਤਾ ਨਾਲ ਸੰਪੂਰਨ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਸੰਪਰਦਾਵਾਂ, ਸਿੰਘ ਸਭਾਵਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਗੁਰਬਾਣੀ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮਾਪਤੀ ਦੀ ਅਰਦਾਸ ਕੀਤੀ।  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਵਿੱਚ ਜੂਨ 1984 ਦੇ ਸਮੂਹ ਸ਼ਹੀਦਾਂ ਦਮਦਮੀ ਟਕਸਾਲ ਦੇ 14ਵੇਂ ਮੁਖੀ 20ਵੀਂ ਸਦੀ ਦੇ ਮਹਾਨ ਸਿੱਖ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਜਰਨਲ ਸ਼ਬੇਗ ਸਿੰਘ, ਬਾਬਾ ਠਾਰਾ ਸਿੰਘ ਨੂੰ ਸਿਜਦਾ ਕੀਤਾ ਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਕਿਹਾ ਕਿ ਜੂਨ 1984 ਵਿੱਚ ਸਮੇਂ ਦੀ ਕਾਂਗਰਸੀ ਭਾਰਤੀ ਹਕੂਮਤ ਨੇ ਫੌਜ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੈਂਕਾਂ, ਤੋਪਾਂ ਤੇ ਗੋਲੀਆਂ ਨਾਲ ਉਦੋਂ ਹਮਲਾ ਕੀਤਾ ਜਦੋਂ ਸਮੁੱਚੀ ਸਿੱਖ ਕੌਮ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਸੀ।