ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ -ਐਡਵੋਕੇਟ ਧਾਮੀ
ਜੂਨ 1984 &rsquoਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ &rsquoਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ &rsquoਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ।