ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਜੰਗ ਹਾਰੀ: ਬਾਜਵਾ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ &rsquoਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ &rsquoਚ ਨਸ਼ਿਆਂ ਦੀ ਸਮੱਸਿਆ ਰੋਕਣ ਲਈ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ &lsquoਆਪ&rsquo ਸਰਕਾਰ ਪਹਿਲਾਂ ਹੀ ਨਸ਼ਿਆਂ ਵਿਰੁੱਧ ਆਪਣੀ ਅਖੌਤੀ ਜੰਗ ਹਾਰ ਚੁੱਕੀ ਹੈ। ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਇਸ ਸਾਲ ਮਾਰਚ ਤੋਂ ਲੈ ਕੇ ਹੁਣ ਤੱਕ 16,492 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੁਲੀਸ ਨੇ ਹਜ਼ਾਰਾਂ ਨਸ਼ਾ ਪੀੜਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਸਲ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਨਸ਼ੇ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਜਦੋਂ ਕਿ ਸਰਕਾਰ ਨੂੰ ਪੀੜਤਾਂ ਨੂੰ ਨਸ਼ਿਆਂ ਦੇ ਦਲ-ਦਲ ਵਿੱਚੋਂ ਬਾਹਰ ਲਿਆਉਣਾ ਚਾਹੀਦਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਵਧੇਰੇ ਮਾਮਲਿਆਂ ਵਿੱਚ ਮੁਲਜ਼ਮਾਂ ਤੋਂ ਨਸ਼ੀਲੇ ਪਦਾਰਥਾਂ ਦੀ ਕੋਈ ਬਰਾਮਦਗੀ ਨਹੀਂ ਕੀਤੀ ਗਈ, ਬਲਕਿ ਪੁਲੀਸ ਨੇ ਲਾਈਟਰ, ਐਲੂਮੀਨੀਅਮ ਪੇਪਰ ਅਤੇ 10 ਰੁਪਏ ਦੇ ਅੱਧੇ ਸੜੇ ਹੋਏ ਨੋਟ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ &lsquoਆਪ&rsquo ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਤਿੰਨ ਤੋਂ ਚਾਰ ਮਹੀਨਿਆਂ ਦੇ ਅੰਦਰ ਨਸ਼ੇ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਸਨ, ਜਦੋਂ ਕਿ ਅੱਜ ਸੱਤਾ ਵਿੱਚ ਆਏ ਨੂੰ ਤਿੰਨ ਸਾਲਾਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਹਾਲੇ ਤੱਕ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਿਆ ਹੈ ਅਤੇ ਨਾ ਹੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੀ ਗਿਣਤੀ ਘੱਟ ਰਹੀ ਹੈ।