ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਜਥੇਦਾਰ ਗੜਗੱਜ ਤੇ ਧਾਮੀ ਵੱਲੋਂ ਸਖ਼ਤ ਇਤਰਾਜ਼ ਜ਼ਾਹਰ
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ &lsquoਵੀਰ ਬੰਦਾ ਬੈਰਾਗੀ&rsquo ਲਿਖਣ &rsquoਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਜਥੇਦਾਰ ਗੜਗੱਜ ਨੇ ਇੱਕ ਵੀਡੀਓ ਸੁਨੇਹੇ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਸਿੱਖ ਇਤਿਹਾਸ ਨੂੰ ਰਲਗੱਡ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦੇ ਇੱਕ ਮਹਾਨ ਯੋਧੇ ਹਨ, ਜਿਨ੍ਹਾਂ ਦੀ ਸ਼ਨਾਖਤ ਨੂੰ ਬਦਲਣ ਦਾ ਯਤਨ ਕੀਤਾ ਗਿਆ ਹੈ।
ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਉਹ ਸਰਕਾਰ ਕੋਲ ਆਪਣਾ ਇਤਰਾਜ਼ ਦਰਜ ਕਰਾਏ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਖਿਲਾਫ ਢੁਕਵੀਂ ਕਾਰਵਾਈ ਕਰੇ ਅਤੇ ਇਤਿਹਾਸ ਨੂੰ ਰਲਗੱਡ ਕਰਨ ਦੇ ਇਸ ਯਤਨ ਨੂੰ ਰੋਕੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਕੇ ਮੁਗ਼ਲ ਸਾਮਰਾਜ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਵਿਚ ਸਿੱਖਾਂ ਨੇ ਜ਼ੁਲਮੀ ਹਕੂਮਤ ਦੀਆਂ ਜੜ੍ਹਾਂ ਪੁੱਟਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ।