image caption:

‘ਆਮਦਨ ‘ਚ 540 ਕਰੋੜ ਤੋਂ ਵੱਧ ਦਾ ਵਾਧਾ’, ਮਜੀਠੀਆ ਦੀ ਗ੍ਰਿਫਤਾਰੀ ‘ਤੇ ਵਿਜੀਲੈਂਸ ਦਾ ਬਿਆਨ

ਚੰਡੀਗੜ੍ਹ : ਵੱਡੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵਿਜੀਲੈਂਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਸ ਨੂੰ ਲੈ ਕੇ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਵੱਡੀ ਮਨੀ ਲਾਂਡਰਿੰਗ ਦੇ ਨਾਲ ਇਸ ਕੇਸ ਵਿੱਚ 540 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਦਾ ਕਈ ਗੈਰ-ਕਾਨੂੰਨੀ ਤਰੀਕਿਆਂ ਨਾਲ ਲੈਣ-ਦੇਣ ਕੀਤਾ ਗਿਆ।
ਵਿਜੀਲੈਂਸ ਮੁਤਾਬਕ ਬਿਕਰਮ ਸਿੰਘ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾ ਹੈ। ਇਸ ਦੇ ਨਾਲ ਹੀ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਲੈਣ-ਦੇਣ, ਕੰਪਨੀ ਦੇ ਵਿੱਤੀ ਵੇਰਵਿਆਂ (ਸਟੇਟਮੈਂਟਾਂ) ਵਿੱਚ ਬਿਨਾਂ ਕਿਸੇ ਜਾਣਕਾਰੀ/ ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਾਸ਼ੀ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਰਟੀ ਸ਼ਾਮਲ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਐਸਆਈਟੀ ਵੱਲੋਂ 22 ਵਿਅਕਤੀਆਂ ਦੇ ਟਿਕਾਣਿਆਂ ਅਤੇ ਵਿਜੀਲੈਂਸ ਬਿਊਰੋ ਵੱਲੋਂ 3 ਥਾਵਾਂ &lsquoਤੇ ਤਲਾਸ਼ੀ ਅਤੇ ਬਰਾਮਦਗੀ ਦੀਆਂ ਦੀਆਂ ਕਾਰਵਾਈਆਂ ਕੀਤੀਆਂ ਗਈਆਂ ਜਿਸ ਵਿੱਚ 30 ਤੋਂ ਵੱਧ ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, ਕਈ ਡਾਇਰੀਆਂ, ਸੰਪਤੀ ਦੇ ਕਈ ਦਸਤਾਵੇਜ਼ ਅਤੇ ਸਰਾਇਆ ਇੰਡਸਟਰੀਜ਼ ਨਾਲ ਸਬੰਧਤ ਕਈ ਦਸਤਾਵੇਜ਼ ਮਿਲੇ ਹਨ। ਬੁਲਾਰੇ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਨ ਮੁਤਾਬਕ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆਕਿ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ 1985 ਦੀ ਧਾਰਾ 25, 27-ਏ ਅਤੇ 29 ਤਹਿਤ ਦਰਜ ਐਫਆਈਆਰ ਨੰਬਰ 02 ਮਿਤੀ 20-12-2021 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਦੇ ਆਧਾਰ &lsquoਤੇ ਕੇਸ ਦਰਜ ਕੀਤਾ ਹੈ।
ਇਸ ਕੇਸ ਵਿਚ ਹੁਣ ਤੱਕ ਗੈਰ-ਕਾਨੂੰਨੀ ਢੰਗ ਨਾਲ 540 ਕਰੋੜ ਰੁਪਏ ਦੀ ਡਰੱਗ ਮਨੀ ਦੀ ਲਾਂਡਰਿੰਗ ਬਾਰੇ ਪਤਾ ਚੱਲਿਆ ਹੈ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗੁਨੀਵ ਕੌਰ ਦੇ ਨਾਮ &lsquoਤੇ ਚੱਲ/ਅਚੱਲ ਜਾਇਦਾਦਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ ਜਿਸ ਲਈ ਆਮਦਨ ਦਾ ਕੋਈ ਜਾਇਜ਼ ਸਰੋਤ ਪੇਸ਼ ਨਹੀਂ ਕੀਤਾ ਗਿਆ।