ਬਿਕਰਮ ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਤੱਕ ਮੁਲਤਵੀ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ &lsquoਆਪਣੀ ਗ਼ੈਰਕਾਨੂੰਨੀ ਗ੍ਰਿਫ਼ਤਾਰੀ ਤੇ ਰਿਮਾਂਡ&rsquo ਨੂੰ ਚੁਣੌਤੀ ਦਿੰਦੀ ਪਟੀਸ਼ਨ &rsquoਤੇ ਸੁਣਵਾਈ 8 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਤ੍ਰਿਭੁਵਨ ਦਹੀਆ ਦੇ ਬੈਂਚ ਕੋਲ ਸੰਖੇਪ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਦਲੀਲ ਦਿੱਤੀ ਕਿ ਮਜੀਠੀਆ ਨੇ ਮੁਹਾਲੀ ਅਦਾਲਤ ਵਿਚ 26 ਜੂਨ 2025 ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜੋ ਅਰਥਹੀਣ ਹੋ ਚੁੱਕੀ ਹੈ ਕਿਉਂਕਿ ਉਸ ਮਗਰੋਂ ਨਵੇਂ ਸੰਮਨ ਜਾਰੀ ਹੋ ਚੁੱਕੇ ਹਨ। ਇਸ ਮਗਰੋਂ ਅਦਾਲਤ ਨੇ ਮਜੀਠੀਆ ਦੇ ਵਕੀਲ ਨੂੰ ਸੋਧੀ ਹੋਈ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਹੈ। ਹਾਲਾਂਕਿ, ਅੱਜ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਅਦਾਲਤ ਨੇ ਸੁਣਵਾਈ 8 ਜੁਲਾਈ ਤੱਕ ਮੁਲਤਵੀ ਕਰ ਦਿੱਤੀ।
ਮਜੀਠੀਆ ਨੇ ਵਿਜੀਲੈਂਸ ਵੱਲੋਂ ਦਰਜ ਕੇਸ ਨੂੰ ਉਸ ਦੀ ਦਿੱਖ ਖਰਾਬ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਲਈ &lsquoਸਿਆਸੀ ਸਾਜ਼ਿਸ਼ ਤੇ ਬਦਲਾਖੋਰੀ&rsquo ਦਾ ਨਤੀਜਾ ਦੱਸਿਆ ਹੈ। ਇਹ ਪਟੀਸ਼ਨ ਸਰਤੇਜ ਸਿੰਘ ਨਰੂਲਾ, ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਨੇ ਮਜੀਠੀਆ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਸੀ।