ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿੱਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ: ਕਾਲਕਾ/ਕਾਹਲੋਂ

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ &rsquoਚ ਸਿੰਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ ਹੈ ਤੇ ਇਸ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਯੂਨੀਵਰਸਿਟੀ ਵਧਾਈ ਦੇ ਪਾਤਰ ਹਨ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਿੱਖਾਂ ਦਾ ਤਾ ਪੂਰਾ ਇਤਿਹਾਸ ਹੀ ਸ਼ਹਾਦਤਾਂ ਨਾਲ ਭਰਿਆ ਹੈ। ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਖਾਲਸਾ ਦੀ ਸਾਜਨਾ ਕਰਨ, ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਤੇ ਜਰਨੈਲਾਂ ਵੱਲੋਂ ਮੁਗਲਾਂ ਤੇ ਅੰਗਰੇਜ਼ਾਂ ਦਾ ਟਾਕਰਾ ਕਰਨ ਦਾ ਵੱਡਾ ਇਤਿਹਾਸ ਬਹੁਤ ਅਹਿਮੀਅਤ ਰੱਖਦਾ ਹੈ। ਉਹਨਾਂ ਕਿਹਾ ਕਿ ਅਕਾਦਮਿਕ ਤੌਰ &rsquoਤੇ ਸਿੱਖ ਇਤਿਹਾਸ ਨੂੰ ਚੰਗੀ ਤਰ੍ਹਾਂ ਪੜ੍ਹਾਇਆ ਨਹੀਂ ਜਾ ਸਕਿਆ ਪਰ ਇਸ ਪਹਿਲ ਨਾਲ ਸਿੱਖ ਇਤਿਹਾਸ ਨੂੰ ਪੜ੍ਹਾਉਣ ਦੇ ਕੀਤੇ ਗਏ ਉਪਰਾਲੇ ਸਦਕਾ ਹੁਣ ਦਿੱਲੀ ਯੂਨੀਵਰਸਿਟੀ ਵੱਲੋਂ ਪੂਰਾ ਇਕ ਅੰਡਰ ਗਰੈਜੂਏਟ ਕੋਰਸ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜੀ ਨੂੰ ਸਿੱਖਾਂ ਬਾਰੇ ਅਹਿਮ ਜਾਣਕਾਰੀ ਮਿਲ ਸਕੇਗੀ ਜੋ ਅਕਾਦਮਿਕ ਵਿਸ਼ਿਆਂ ਦਾ ਹਿੱਸਾ ਬਣੇਗੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਆਪਣੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਕੋਰਸ ਵਾਸਤੇ ਸਿਲੇਬਸ ਤਿਆਰ ਕਰਨ ਵਿਚ ਦਿੱਲੀ ਯੂਨੀਵਰਸਿਟੀ ਨੂੰ ਪੂਰਾ ਸਹਿਯੋਗ ਦੇਣ ਵਾਸਤੇ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਇਕ ਗੁਰਮਤਿ ਕਾਲਜ ਵੀ ਚਲਾਇਆ ਜਾ ਰਿਹਾ ਹੈ ਜਿਸ ਵੱਲੋਂ ਇਸ ਮਾਮਲੇ ਵਿਚ ਵੱਡਾ ਸਹਿਯੋਗ ਦਿੱਤਾ ਜਾ ਸਕਦਾ ਹੈ। ਉਹਨਾਂ ਆਸ ਪ੍ਰਗਟਾਈ ਕਿ ਦਿੱਲੀ ਯੂਨੀਵਰਸਿਟੀ ਦੀ ਇਸ ਇਤਿਹਾਸਕ ਪਹਿਲ ਤੋਂ ਸਬਕ ਲੈਂਦਿਆਂ ਪੰਜਾਬ ਅਤੇ ਦੂਸਰੇ ਰਾਜਾਂ ਦੀਆਂ ਯੂਨੀਵਰਸਿਟੀਆਂ ਵੀ ਅਜਿਹੇ ਹੀ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਗੀਆਂ।