ਬਾਜਵਾ ਦੀ ਵੀਡੀਓ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਐੱਫਆਈਆਰ ਦਰਜ
ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਚੰਡੀਗੜ੍ਹ ਪੁਲੀਸ ਕੋਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਉਨ੍ਹਾਂ ਦੀ ਰਾਜਨੀਤਿਕ ਅਕਸ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਤੋੜ ਮਰੋੜ ਕੇ ਵੀਡੀਓਜ਼ ਪੇਸ਼ ਕਰਨ ਦਾ ਦੋਸ਼ ਲਾਇਆ ਹੈ।
ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ &rsquoਤੇ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲੀਸ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਘਰ ਦੀ ਤਲਾਸ਼ੀ ਦੌਰਾਨ ਵਿਧਾਇਕ ਗਨੀਵ ਮਜੀਠੀਆ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੁਰਵਿਹਾਰ ਦੀ ਆਲੋਚਨਾ ਕੀਤੇ ਜਾਣ ਦੀ ਵੀਡੀਓ ਪੋਸਟ ਕਰਨ ਲਈ ਆਮ ਆਦਮੀ ਪਾਰਟੀ ਦੇ ਇੱਕ ਅਣਪਛਾਤੇ ਮੀਡੀਆ ਹੈਂਡਲਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ।
ਹਾਲਾਕਿ ਬਾਜਵਾ ਵੱਲੋਂ ਦਿੱਤੀ ਸ਼ਿਕਾਇਤ ਮੁਤਾਬਿਕ ਪੁਲੀਸ ਨੇ ਐੱਫਆਈਆਰ ਵਿੱਚ &lsquoਆਪ&rsquo ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਦਰਜ ਨਹੀਂ ਕੀਤਾ ਹੈ।
ਬਾਜਵਾ ਨੇ ਸੈਕਟਰ 3 ਪੁਲੀਸ ਸਟੇਸ਼ਨ ਦੇ ਐੱਸਐੱਚਓ ਨੂੰ ਆਪਣੀ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਇੱਕ ਵੀਡੀਓ ਜੋ ਅਸਲ ਵਿੱਚ 25 ਜੂਨ 2025 ਨੂੰ ਉਨ੍ਹਾਂ ਵੱਲੋਂ ਪੋਸਟ ਕੀਤੀ ਗਈ ਸੀ, ਜਿਸ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਵਿਧਾਇਕ ਗਨੀਵ ਕੌਰ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਕਥਿਤ ਦੁਰਵਿਹਾਰ ਦੀ ਆਲੋਚਨਾ ਕੀਤੀ ਗਈ ਸੀ, ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ।